ਸ੍ਰੀ ਫ਼ਤਿਹਗੜ੍ਹ ਸਾਹਿਬ: ਕਰਫਿਊ ਦੌਰਾਨ ਜ਼ਿਲ੍ਹੇ 'ਚ ਫਸੇ ਪ੍ਰਵਾਸੀ ਮਜ਼ਦੂਰ ਸਪੈਸ਼ਲ ਰੇਲਗੱਡੀਆਂ ਚਲਾਏ ਜਾਣ ਮਗਰੋਂ ਲਗਾਤਾਰ ਆਪੋ- ਆਪਣੇ ਸੂਬਿਆਂ ਵੱਲ ਪ੍ਰਵਾਸ ਕਰ ਰਹੇ ਹਨ। ਫ਼ਤਿਹਗੜ੍ਹ ਪ੍ਰਸ਼ਾਸਨ ਵੱਲੋਂ ਇਨ੍ਹਾਂ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਸੂਬਿਆਂ 'ਚ ਪਹੁੰਚਾਉਣ ਲਈ ਅੱਜ ਲੁਧਿਆਣਾ ਸਟੇਸ਼ਨ ਤੋਂ ਵਿਸ਼ੇਸ਼ ਰੇਲਗੱਡੀ ਚਲਾਈ ਗਈ।
ਇਸ ਬਾਰੇ ਦੱਸਦੇ ਹੋਏ ਜ਼ਿਲ੍ਹੇ ਦੇ ਐਸਡੀਐਮ ਸੰਜੀਵ ਕੁਮਾਰ ਨੇ ਦੱਸਿਆ ਕਿ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਸੂਬੇ ਲਈ ਰਵਾਨਾ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਕੋਵਿਡ-19 ਦੀ ਥਰਮਲ ਸਕ੍ਰੀਨਿੰਗ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਯਾਤਰਾ ਦਾ ਪੂਰਾ ਖ਼ਰਚ ਚੁੱਕਿਆ ਜਾ ਰਿਹਾ ਹੈ। ਪ੍ਰਵਾਸੀ ਮਜ਼ਦੂਰਾਂ ਨੂੰ ਰਾਸਤੇ ਲਈ ਖਾਣਾ ਤੇ ਪਾਣੀ, ਸੈਨੇਟਾਈਜ਼ਰ ਅਤੇ ਮਾਸਕ ਆਦਿ ਵੰਡੇ ਗਏ ਹਨ। ਉਨ੍ਹਾਂ ਦੱਸਿਆ ਕਿ ਸਰਹਿੰਦ ਤੋਂ ਅੱਜ ਉੱਤਰ ਪ੍ਰਦੇਸ਼ ਲਈ ਵਿਸ਼ੇਸ਼ ਰੇਲਗੱਡੀ ਚਲਾਈ ਗਈ। ਇਸ ਗੱਡੀ ਰਾਹੀਂ 1320 ਲੋਕਾਂ ਨੂੰ ਉੱਤਰ ਪ੍ਰਦੇਸ਼ ਰਵਾਨਾ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਸਰਹਿੰਦ ਰੇਲਵੇ ਸਟੇਸ਼ਨ ਤੋਂ ਉੱਤਰ ਪ੍ਰਦੇਸ਼, ਬਿਹਾਰ ਆਦਿ ਲਈ ਰੇਲਗੱਡੀਆਂ ਰਵਾਨਾ ਹੋਣ ਦੀ ਉਮੀਦ ਹੈ।
ਇਸ ਦੌਰਾਨ ਆਪਣੇ ਘਰਾਂ ਨੂੰ ਵਾਪਸੀ ਕਰਨ ਵਾਲੇ ਮਜ਼ਦੂਰਾਂ ਨੇ ਪ੍ਰਸ਼ਾਸਨ ਤੇ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਆਖਿਆ ਕਿ ਕਾਰੋਬਾਰ ਠੱਪ ਹੋਣ ਦੇ ਚਲਦਿਆਂ ਉਨ੍ਹਾਂ ਲਈ ਦੋ ਵਕਤ ਦੀ ਰੋਟੀ ਦਾ ਇੰਤਜ਼ਾਮ ਕਰਨਾ ਮੁਸ਼ਕਲ ਹੋ ਗਿਆ ਸੀ। ਉਨ੍ਹਾਂ ਆਖਿਆ ਕਿ ਮਹਿਜ ਕੁੱਝ ਹੀ ਮੀਲਾਂ ਚਲਾਈਆਂ ਜਾ ਰਹੀਆਂ ਹਨ, ਪਰ ਬਾਹਰੋਂ ਕੱਚਾ ਮਾਲ ਨਾ ਆਉਂਣ ਦੇ ਚਲਦੇ ਮੀਲ ਮਾਲਕ ਕੁੱਝ ਸਮੇਂ ਬਾਅਦ ਮੀਲਾਂ ਬੰਦ ਕਰ ਦੇਣਗੇ। ਉਨ੍ਹਾਂ ਕਿਹਾ ਕਿ ਕੱਚਾ ਮਾਲ ਨਾ ਆਉਣ ਦੇ ਕਾਰਨ ਉਨ੍ਹਾਂ ਨੂੰ ਮੀਲਾਂ ਚੱਲਣ ਦੀ ਉਮੀਦ ਨਹੀਂ ਹੈ। ਇਸ ਲਈ ਉਹ ਆਪਣੇ ਸੂਬਿਆਂ ਨੂੰ ਵਾਪਸ ਪਰਤ ਰਹੇ ਹਨ।