ਸ੍ਰੀ ਫ਼ਤਿਹਗੜ੍ਹ ਸਾਹਿਬ: 5 ਮਾਰਚ ਨੂੰ ਚੀਨ ਬਾਰਡਰ 'ਤੇ ਸ਼ਹੀਦ ਹੋਏ ਗੁਰਜੰਟ ਸਿੰਘ ਦਾ ਉਨ੍ਹਾਂ ਦੇ ਪਿੰਡ ਰਾਏਪੁਰ ਅਰਾਈਆਂ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਮ ਸਸਕਾਰ ਹੋਇਆ। ਇਸ ਮੌਕੇ ਵੱਡੀ ਗਿਣਤੀ 'ਚ ਪਿੰਡ ਵਾਸੀਆਂ, ਫੌਜ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ ਰਹੇ। ਲੋਕਾਂ ਵੱਲੋਂ ਨਮ ਅੱਖਾਂ ਨਾਲ ਸ਼ਹੀਦ ਨੂੰ ਅੰਤਮ ਵਿਦਾਈ ਦਿੱਤੀ ਗਈ।
ਸ਼ਹੀਦ ਨਾਇਕ ਗੁਰਜੰਟ ਸਿੰਘ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਰਾਏਪੁਰ ਅਰਾਈਆਂ ਦੇ ਵਸਨੀਕ ਸਨ। 5 ਮਾਰਚ ਨੂੰ ਚੀਨ ਬਾਰਡਰ 'ਤੇ ਡਿਊਟੀ ਦੌਰਾਨ ਸਾਹ ਦੀ ਸਮੱਸਿਆ ਦੇ ਚਲਦੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਫ਼ੌਜੀ ਸ਼ਹੀਦ ਗੁਰਜੰਟ ਸਿੰਘ ਦੀ ਦੇਹ ਸੋਮਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਰਾਏਪੁਰ ਅਰਾਈਆਂ 'ਚ ਪੁੱਜੀ। ਵੱਡੀ ਗਿਣਤੀ 'ਚ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕੀਤੀ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਦੇ ਪੀਏ ਰਾਮ ਕ੍ਰਿਸ਼ਨ ਭੱਲਾ ਨੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਨਾਇਕ ਹਵਲਦਾਰ ਗੁਰਜੰਟ ਸਿੰਘ ਦੀ ਸ਼ਹਾਦਤ 'ਤੇ ਸਾਨੂੰ ਮਾਣ ਹੈ, ਜੋ ਦੇਸ਼ ਦੀ ਸੁਰੱਖਿਆ ਕਰਦੇ ਹੋਏ ਇਸ ਸੰਸਾਰ ਨੂੰ ਅਲਵਿਦਾ ਆਖ ਗਏ ਹਨ।
ਭੱਲਾ ਨੇ ਕਿਹਾ ਗੁਰਜੰਟ ਸਿੰਘ ਦੀ ਪਤਨੀ ਨੂੰ ਸਰਕਾਰੀ ਨੌਕਰੀ ਤੇ ਬੱਚਿਆਂ ਦੀ ਪੜ੍ਹਾਈ ਦਾ ਖਰਚ ਪੰਜਾਬ ਸਰਕਾਰ ਵੱਲੋਂ ਉਠਾਇਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ 5 ਲੱਖ ਰੁਪਏ ਦੀ ਆਰਥਿਕ ਮਦਦ ਦੇਣ ਭਰੋਸਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਪਿੰਡ 'ਚ ਸ਼ਹੀਦ ਗੁਰਜੰਟ ਸਿੰਘ ਦੀ ਯਾਦਗਾਰ ਬਣਾਉਣ ਦਾ ਵਾਅਦਾ ਕੀਤਾ।