ਸ੍ਰੀ ਫ਼ਤਿਹਗੜ੍ਹ ਸਾਹਿਬ: ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਤੇ ਮੌਜੂਦਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਆਪਣੀ ਹੀ ਪਾਰਟੀ 'ਤੇ ਮੁੜ ਸਵਾਲ ਖੜ੍ਹੇ ਕੀਤੇ ਹਨ। ਇਸ ਮੌਕੇ ਉਨ੍ਹਾਂ ਨੇ ਸੂਬੇ 'ਚ ਨਸ਼ੇ ਦੇ ਵੱਧ ਰਹੇ ਕਾਰੋਬਾਰ, ਨਸ਼ਾ ਤਸਕਰੀ ਤੇ ਨਕਲੀ ਸ਼ਰਾਬ ਦੀ ਹੋ ਰਹੀ ਤਸਕਰੀ ਬਾਰੇ ਗੱਲਬਾਤ ਕੀਤੀ।
ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਸ਼ਮਸ਼ੇਰ ਸਿੰਘ ਦੂਲੋ ਨੇ ਆਖਿਆ ਕਿ ਪੰਜਾਬ ਸਰਕਾਰ ਸੂਬੇ ਤੋਂ ਨਸ਼ਾ ਖ਼ਤਮ ਹੋਣ ਦਾ ਦਾਅਵਾ ਕਰ ਰਹੀ ਹੈ। ਜ਼ਮੀਨੀ ਪੱਧਰ 'ਤੇ ਇਸ ਦੀ ਹਕੀਕਤ ਕੁੱਝ ਹੋਰ ਹੈ। ਉਨ੍ਹਾਂ ਕਿਹਾ ਕਿ ਅਜੇ ਵੀ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਨਸ਼ੇ ਦੀ ਸਮੱਸਿਆ ਪਹਿਲਾਂ ਵਾਂਗ ਹੀ ਬਣੀ ਹੋਈ ਹੈ। ਅਜੇ ਵੀ ਇੱਥੇ ਸਰੇਆਮ ਨਸ਼ਾ ਵਿੱਕ ਰਿਹਾ ਹੈ ਤੇ ਨੌਜਵਾਨ ਇਸ ਨਸ਼ੇ ਦੀ ਲੱਤ 'ਚ ਪੈ ਕੇ ਆਪਣੀਆਂ ਜ਼ਿੰਦਗੀਆਂ ਖ਼ਰਾਬ ਕਰ ਰਹੇ ਹਨ। ਸ਼ਮਸ਼ੇਰ ਸਿੰਘ ਦੂਲੋ ਨੇ ਦੱਸਿਆ ਕਿ ਬੀਤੇ ਦਿਨੀਂ ਇੱਕ ਨੌਜਵਾਨ ਦੀ ਨਸ਼ੇ ਨਾਲ ਮੌਤ ਹੋ ਗਈ, ਪਰਿਵਾਰਕ ਮੈਂਬਰਾਂ ਮੁਤਾਬਕ ਉਕਤ ਨੌਜਵਾਨ ਤਕਰੀਬਨ 1 ਕਰੋੜ ਰੁਪਏ ਤੱਕ ਦਾ ਨਸ਼ਾ ਲੈ ਚੁੱਕਾ ਸੀ। ਉਨ੍ਹਾਂ ਆਖਿਆ ਕਿ ਨਸ਼ਾ ਤਸਕਰੀ ਬਾਰੇ ਸਥਾਨਕ ਪੁਲਿਸ ਨੂੰ ਪੂਰੀ ਜਾਣਕਾਰੀ ਹੁੰਦੀ ਹੈ, ਸਭ ਕੁੱਝ ਜਾਣਦੇ ਹੋਏ ਵੀ ਪੁਲਿਸ ਸਿਆਸੀ ਦਬਾਅ 'ਚ ਆ ਕੇ ਮੁਕੰਮਲ ਕਾਰਵਾਈ ਨਹੀਂ ਕਰਦੀ।
ਸ਼ਮਸ਼ੇਰ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਸ਼ਾ ਤਸਕਰਾਂ, ਨਕਲੀ ਸ਼ਰਾਬ ਫੈਕਟਰੀ ਦੇ ਮਾਲਕਾਂ ਆਦਿ 'ਤੇ ਕਾਰਵਾਈ ਲਈ ਪੱਤਰ ਵੀ ਲਿਖਿਆ ਸੀ। ਇਸ 'ਚ ਉਨ੍ਹਾਂ ਨੇ ਇਨ੍ਹਾਂ ਮਾਮਲਿਆਂ ਦੀ ਹਾਈਕੋਰਟ ਵਿੱਚ ਸੁਣਵਾਈ ਕਰਨ ਤੇ ਸੀਬੀਆਈ ਜਾਂਚ ਕਰਵਾਉਣ ਦੀ ਵੀ ਮੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਫਗਵਾੜਾ, ਪਟਿਆਲਾ, ਲੁਧਿਆਣਾ ਵਿਖੇ ਨਕਲੀ ਸ਼ਰਾਬ ਦੀਆਂ ਫੈਕਟਰੀਆਂ ਤੋਂ ਵੱਡੀ ਗਿਣਤੀ 'ਚ ਨਕਲੀ ਸ਼ਰਾਬ ਬਰਾਮਦ ਕੀਤੀ ਗਈ ਸੀ, ਪਰ ਸਿਆਸੀ ਦਬਾਅ ਦੇ ਚਲਦੇ ਉਨ੍ਹਾਂ ਫੈਕਟਰੀ ਮਾਲਕਾਂ ਉੱਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਸਭ ਪੁਲਿਸ ਤੇ ਸਿਆਸੀ ਆਗੂਆਂ ਦੀ ਮਿਲੀਭਗਤ ਨਾਲ ਹੋ ਰਿਹਾ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ 'ਤੇ ਪਰਦਾ ਪਾ ਰਹੇ ਹਨ। ਜੇਕਰ ਅਜਿਹਾ ਰਿਹਾ ਤਾਂ ਆਗਾਮੀ ਚੋਣਾਂ 'ਚ ਕਾਂਗਰਸ ਪਾਰਟੀ ਨੂੰ ਹਾਰ ਦਾ ਮੂੰਹ ਵੇਖਣਾ ਪਵੇਗਾ ਤੇ ਲੋਕਾਂ ਦਾ ਕਾਂਗਰਸ ਤੋਂ ਵਿਸ਼ਵਾਸ ਚੁੱਕਿਆ ਜਾਵੇਗਾ। ਮੁੱਖ ਮੰਤਰੀ 'ਤੇ ਸ਼ਬਦੀ ਵਾਰ ਕਰਦਿਆਂ ਉਨ੍ਹਾਂ ਆਖਿਆ ਕਿ ਕੈਪਟਨ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਤੋਂ ਵਾਅਦੇ ਤਾਂ ਕੀਤੇ ਪਰ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ।