ਫਤਿਹਗੜ੍ਹ ਸਾਹਿਬ: ਕੋਰੋਨਾ ਸੰਕਟ ਦੇ ਕਾਰਨ ਕਈ ਲੋਕਾਂ ਦੇ ਕੰਮ ਕਾਜ ਠੱਪ ਪੈ ਗਏ ਹਨ। ਇਸ ਦੇ ਚਲਦੇ ਵੱਡੀ ਗਿਣਤੀ 'ਚ ਲੋਕਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ 'ਚ ਸਰਬਤ ਦਾ ਭਲਾ ਟਰੱਸਟ ਵੱਲੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਰਾਗੀ, ਪਾਠੀ ਸਿੰਘਾਂ ਦੀ ਮਦਦ ਕੀਤੀ ਗਈ।
ਸਮਾਜ ਸੇਵਾ 'ਚ ਆਪਣਾ ਅਹਿਮ ਯੋਗਦਾਨ ਪਾਉਂਦੇ ਹੋਏ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਰਾਗੀ, ਪਾਠੀ ਸਿੰਘਾਂ, ਸੇਵਾਦਾਰਾਂ ਤੇ ਹੋਰਨਾਂ ਲੋੜਵੰਦ 200 ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ.ਐੱਸ.ਪੀ. ਸਿੰਘ ਓਬਰਾਏ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜੱਥੇਦਾਰ ਰਣਜੀਤ ਸਿੰਘ ਗੌਹਰ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ।
ਇਸ ਮੌਕੇ ਡਾ.ਐੱਸ.ਪੀ. ਸਿੰਘ ਓਬਰਾਏ ਨੇ ਕਿਹਾ ਕਿ ਹੁਣ ਤੱਕ ਸਰਬੱਤ ਦਾ ਭਲਾ ਟਰੱਸਟ ਵੱਲੋਂ 60 ਹਜ਼ਾਰ ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ਹੈ। ਇਸ ਤੋਂ ਇਲਾਵਾ ਰਾਗੀ, ਪਾਠੀ ਸਿੰਘ ਸਹਿਬਾਨਾਂ ਨੂੰ ਦੀ ਵੀ ਮਦਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੋ ਵੀ ਪਰਿਵਾਰ ਬਾਕੀ ਰਹਿ ਗਏ ਹਨ ਅਤੇ ਜੇਕਰ ਕਿਸੇ ਵੀ ਪਾਠੀ ਸਿੰਘ, ਤੇ ਰਾਗੀ ਸਿੰਘਾਂ ਦੇ ਘਰ ਠੀਕ ਨਹੀਂ ਹਨ ਤਾਂ ਉਹ ਸਰਬੱਤ ਦਾ ਭਲਾ ਟਰੱਸਟ ਨਾਲ ਸੰਪਰਕ ਕਰ ਸਕਦਾ ਹੈ। ਟਰੱਸਟ ਵੱਲੋਂ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।
ਇਸ ਮੌਕੇ ਐਸਜੀਪੀਸੀ ਦੇ ਮੈਂਬਰ ਭਾਈ ਅਵਤਾਰ ਸਿੰਘ ਰੀਆ ਨੇ ਸਰਬੱਤ ਦਾ ਭਲਾ ਟਰੱਸਟ ਦਾ ਧੰਨਵਾਦ ਕੀਤਾ। ਉਨ੍ਹਾਂ ਟਰੱਸਟ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਨੂੰ ਸ਼ਲਾਘਾਯੋਗ ਕਦਮ ਤੇ ਸੇਵਾ ਭਾਵ ਦੱਸਿਆ।