ਫ਼ਤਿਹਗੜ੍ਹ ਸਾਹਿਬ: ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਮੁਗਲ ਸਲਤਨਤ ਦਾ ਖਾਤਮਾ ਕਰਕੇ 12 ਮਈ 1710 ਈ. ਨੂੰ ਸਰਹਿੰਦ ਨੂੰ ਫ਼ਤਿਹ ਕੀਤਾ ਗਿਆ ਸੀ। ਇਸ ਮੌਕੇ ਸਿੱਖ ਕੌਮ ਹਰ ਵਰ੍ਹੇ ਸਰਹਿੰਦ ਫ਼ਤਿਹ ਦਿਵਸ ਵਜੋਂ ਮਨਾਉਂਦੀ ਹੈ। ਇਸ ਵਾਰ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 12 ਤੋਂ 14 ਮਈ ਤੱਕ ਸਰਹਿੰਦ ਫਤਿਹ ਦਿਵਸ ਮੌਕੇ ਕੇਵਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵੀ ਪਾਏ ਜਾਣਗੇ।
ਕੋਰੋਨਾ ਦੀ ਮਹਾਂਮਾਰੀ ਨੂੰ ਦੇਖਦਿਆਂ ਭਾਵੇਂ ਇਨ੍ਹਾਂ ਸਮਾਗਮਾਂ ਵਿੱਚ ਇਕੱਠ ਨਹੀਂ ਕੀਤੇ ਜਾਣਗੇ ਜਦੋਂ ਕਿ 10 ਮਈ ਨੂੰ ਗੁਰਦੁਆਰਾ ਸ੍ਰੀ ਚੱਪੜਚਿੜੀ (ਲਾਂਡਰਾਂ) ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ 12 ਮਈ ਭੋਗ ਪਾਏ ਜਾਣਗੇ। ਇਸ ਦੇ ਨਾਲ ਹੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 12 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਜਿਸ ਦੇ ਭੋਗ 14 ਮਈ ਨੂੰ ਪਾਏ ਜਾਣਗੇ ।
ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਦੱਸਿਆ ਕਿ ਕੋਰੋਨਾ ਦੀ ਮਹਾਂਮਾਰੀ ਨੂੰ ਮੁੱਖ ਰੱਖਦਿਆਂ ਸਰਕਾਰ ਅਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਦੂਰੀਆਂ ਬਣਾ ਕੇ ਰੱਖਣ ਨੂੰ ਯਕੀਨੀ ਬਣਾਉਂਦੇ ਹੋਏ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਸਰਹੰਦ ਫ਼ਤਹਿ ਨੂੰ ਸਮਰਪਿਤ ਸਰਹੰਦ ਫਤਹਿ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਵਲ ਗੁਰਦੁਆਰਾ ਸ੍ਰੀ ਚੱਪੜਚਿੜੀ ਸਾਹਿਬ ਅਤੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਇਤਿਹਾਸਕ ਦਿਹਾੜਿਆਂ ਨੂੰ ਕਦੀ ਅਣਡਿੱਠਾ ਨਹੀਂ ਕੀਤਾ ਜਾ ਸਕਦਾ ਕਿਉਂਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਇਤਿਹਾਸਕ ਦਿਹਾੜਿਆਂ ਦੀ ਮਹੱਤਤਾ ਬਾਰੇ ਦੱਸਣਾ ਜ਼ਰੂਰੀ ਬਣਦਾ ਹੈ।