ਗੁਰਦਾਸਪੁਰ: ਬਟਾਲਾ ਨੇੜਲੇ ਪਿੰਡ ਬਾਸਰਪੂਰਾ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝਗੜਾ ਹੋਣ ਦੀ ਖ਼ਬਰ ਹੈ। ਇਸ ਹਮਲੇ 'ਚ ਦੋ ਲੋਕ ਗੰਭੀਰ ਜ਼ਖਮੀ ਹੋ ਗਏ। ਪੁਲਿਸ ਨੇ ਇਸ ਮਾਮਲੇ 'ਚ 1 ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਪੀੜਤ ਮਹਿਲਾ ਕੁਲਵਿੰਦਰ ਕੌਰ ਤੇ ਉਸ ਦੇ ਭਰਾ ਪਲਵਿੰਦਰ ਸਿੰਘ ਨੇ ਦੱਸਿਆ ਕਿ 4 ਸਾਲ ਪਹਿਲਾਂ ਉਸ ਦੇ ਜੀਜੇ ਦੀ ਮੌਤ ਹੋ ਗਈ ਸੀ। ਉਸ ਤੋਂ ਬਾਅਦ ਉਹ ਆਪਣੇ ਬੱਚਿਆਂ ਤੇ ਮਾਂ ਨਾਲ ਰਹਿੰਦੀ ਹੈ। ਪੀੜਤਾ ਨੇ ਕਿਹਾ ਕਿ ਬਟਾਲਾ ਦਾ ਇੱਕ ਨੌਜਵਾਨ ਉਸ ਦੀ ਜ਼ਮੀਨ 'ਤੇ ਕਬਜ਼ਾ ਕਰਨਾ ਚਾਹੁੰਦਾ ਸੀ। ਇਸ ਦੇ ਚਲਦੇ ਉਹ ਪਹਿਲਾਂ ਵੀ ਉਸ ਦੇ ਪਰਿਵਾਰ 'ਤੇ ਕਈ ਵਾਰ ਹਮਲੇ ਕਰ ਚੁੱਕਾ ਹੈ। ਉਨ੍ਹਾਂ ਨੇ ਇਸ ਬਾਰੇ ਪੁਲਿਸ ਕੋਲ ਸ਼ਿਕਾਇਤ ਦਿੱਤੀ ਸੀ, ਪਰ ਮੁਲਜ਼ਮ ਖਿਲਾਫ਼ ਕੋਈ ਕਾਰਵਾਈ ਨਹੀਂ ਹੋਈ। ਪੀੜਤਾ ਦੇ ਭਰਾ ਨੇ ਦੱਸਿਆ ਮੁੜ ਉਕਤ ਨੌਜਵਾਨ ਆਪਣੇ ਸਾਥੀਆਂ ਨਾਲ ਜਬਰਨ ਉਨ੍ਹਾਂ ਦੇ ਘਰ ਦਾਖ਼ਲ ਹੋ ਕੇ ਉਨ੍ਹਾਂ ਨਾਲ ਕੁੱਟਮਾਰ ਕਰਨ ਲੱਗਾ। ਇਸ ਦੌਰਾਨ ਉਸ ਨੇ ਉਨ੍ਹਾਂ ਦੀ ਮਾਂ, ਉਸ ਦੀ ਭੈਣ ਅਤੇ ਉਸ ਨਾਲ ਕੁੱਟਮਾਰ ਕੀਤੀ ਤੇ ਉਨ੍ਹਾਂ 'ਤੇ ਗੋਲੀਆਂ ਵੀ ਚਲਾਈਆਂ। ਉਸ ਦੀ ਮਾਂ ਤੇ ਭੈਣ ਗੰਭੀਰ ਜ਼ਖਮੀ ਹੋ ਗਏ। ਇਸ ਤੋਂ ਇਲਾਵਾ ਇਸ ਘਟਨਾਂ 'ਚ ਗੋਲੀ ਲੱਗਣ ਨਾਲ ਉਨ੍ਹਾਂ ਦੇ ਪਾਲਤੂ ਕੁੱਤੇ ਦੀ ਵੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਪੁਲਿਸ ਕੋਲੋਂ ਇਨਸਾਫ ਦੀ ਮੰਗ ਕੀਤੀ ਹੈ।
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਪੀੜਤਾਂ ਦੇ ਬਿਆਨ ਦੇ ਆਧਾਰ 'ਤੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਬਾਰੇ ਪੁਲਿਸ ਅਧਿਕਾਰੀ ਸੁਖਰਾਜ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ 'ਚ ਸ਼ਾਮਲ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਥਾਣਾ ਰੰਗੜਨੰਗਲ ਵਿਖੇ ਮੁਲਜ਼ਮਾਂ ਖਿਲਾਫ ਧਾਰਾ 307 ਤਹਿਤ ਮਾਮਲਾ ਦਰਜ ਕਰਕੇ 1 ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਇਸ ਘਟਨਾ ਸਬੰਧੀ ਇੱਕ ਵੀਡੀਓ ਕਬਜ਼ੇ 'ਚ ਲੈ ਕੇ ਹੋਰਨਾਂ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਜਲਦ ਹੀ ਹੋਰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ।