ਗੁਰਦਾਸਪੁਰ: ਕੁਝ ਦਿਨ ਪਹਿਲਾਂ ਗੁਰਦਾਸਪੁਰ ਦੇ ਪਿੰਡ ਮਲੂਕ ਮਟਮ ਵਿੱਚ ਸਕੂਲੀ ਬੱਚਿਆਂ ਵਿਚ ਹੋਏ ਝਗੜੇ ਦੌਰਾਨ 14 ਸਾਲਾਂ ਬੱਚੇ ਦੇ ਹੋਏ ਕਤਲ ਮਾਮਲੇ ਵਿੱਚ ਦੀਨਾਨਗਰ ਪੁਲਿਸ ਨੇ 5 ਲੋਕਾਂ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਦੀ ਗ੍ਰਿਫਤਾਰੀ ਨਾ ਹੋਣ ਕਾਰਨ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅਮ੍ਰਿਤਸਰ ਜੰਮੂ ਨੈਸ਼ਨਲ ਹਾਈਵੇ ਨੂੰ ਜਾਮ ਕਰ ਕੇ ਰੋਸ਼ ਪ੍ਰਦਰਸ਼ਨ ਕੀਤਾ ਅਤੇ ਕਿਹਾ ਕਿ ਜਦੋਂ ਤੱਕ ਮੁਲਜ਼ਮਾਂ ਦੀ ਗ੍ਰਿਫਤਾਰੀ ਨਹੀਂ ਹੁੰਦੀ ਉਦੋਂ ਤੱਕ ਬੱਚੇ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਬੱਚੇ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਦੋਂ 3 ਦਿਨ ਪਹਿਲਾਂ ਬੱਚਾ ਸਕੂਲ ਗਿਆ ਸੀ ਤਾਂ ਸਕੂਲ ਵਿੱਚ ਉਸਦਾ ਬੱਚਿਆਂ ਨਾਲ ਝਗੜਾ ਹੋ ਗਿਆ, ਜਿਸ ਤੋਂ ਬਾਅਦ ਉਨ੍ਹਾਂ ਬੱਚਿਆਂ ਨੇ ਰਲ ਕੇ ਉਹਨਾਂ ਦੇ ਬੇਟੇ ਦਾ ਸਕੂਲ ਤੋਂ ਵਾਪਸ ਘਰ ਜਾਂਦੇ ਹੋਏ ਉਸ ਦੇ ਸਿਰ ਵਿਚ ਕੋਈ ਚੀਜ਼ ਮਾਰ ਕੇ ਉਸਦੀ ਹੱਤਿਆ ਕਰ ਦਿੱਤੀ ਅਤੇ ਇਸ ਨੂੰ ਐਕਸੀਡੈਂਟ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਡਾਕਟਰ ਸਪੱਸ਼ਟ ਤੌਰ ਉੱਤੇ ਕਹਿ ਚੁੱਕੇ ਹਨ ਕਿ ਬੱਚੇ ਦੇ ਸਿਰ ਵਿੱਚ ਕੋਈ ਚੀਜ਼ ਮਾਰੀ ਗਈ ਹੈ ਜਿਸ ਨਾਲ ਉਸਦੀ ਮੌਤ ਹੋਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਦੀਨਾਨਗਰ ਪੁਲਿਸ ਵੱਲੋਂ 4 ਪਛਾਤੇ ਅਤੇ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ ਪਰ ਇੱਕ ਬੱਚੇ ਦਾ ਪਿਤਾ ਪੁਲਿਸ ਵਿੱਚ ਏਐਸਆਈ ਹੋਣ ਕਰਕੇ ਅਜੇ ਤੱਕ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ ਅਤੇ ਉਨ੍ਹਾਂ ਉੱਪਰ ਬੱਚੇ ਦਾ ਸਸਕਾਰ ਕਰਨ ਲਈ ਦਬਾਅ ਬਣਾਇਆ ਜਾ ਰਿਹਾ ਹੈ। ਜਿਸ ਲਈ ਅੱਜ ਉਨ੍ਹਾਂ ਨੇ ਇਨਸਾਫ ਲੈਣ ਦੇ ਲਈ ਅੰਮ੍ਰਿਤਸਰ ਜੰਮੂ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਅਤੇ ਮੰਗ ਕੀਤੀ ਕਿ ਉਦੋਂ ਤੱਕ ਸਸਕਾਰ ਨਹੀਂ ਕੀਤਾ ਜਾਵੇਗਾ ਜਦੋਂ ਤੱਕ ਮੁਲਾਜ਼ਮਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ।
ਡੀਐਸਪੀ ਰਾਜਬੀਰ ਸਿੰਘ ਨੇ ਦਿੱਤੀ ਇਹ ਜਾਣਕਾਰੀ : ਇਸ ਸਬੰਧੀ ਮੌਕੇ ਤੇ ਪਹੁੰਚੇ ਡੀਐਸਪੀ ਰਾਜਬੀਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਮ੍ਰਿਤਕ ਬੱਚੇ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ 5 ਲੋਕਾਂ ਦੇ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜੋ ਚਸ਼ਮਦੀਦ ਸਾਹਮਣੇ ਆਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਬੱਚੇ ਦਾ ਐਕਸੀਡੈਂਟ ਹੋਇਆ ਹੈ ਪਰ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਹਨਾਂ ਦੇ ਬੱਚੇ ਦਾ ਕਤਲ ਕੀਤਾ ਗਿਆ ਹੈ। ਇਹ ਸਾਰੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਪਰਿਵਾਰਕ ਮੈਂਬਰਾਂ ਨੂੰ ਸਮਝਾ ਕੇ ਧਰਨੇ ਨੂੰ ਜਲਦ ਸਮਾਪਤ ਕਰਵਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਕਰਜ਼ ਦੇ ਦੈਂਤ ਨੇ ਤਹਿਸ ਨਹਿਸ ਕੀਤਾ ਹੱਸਦਾ ਖੇਡਦਾ ਪਰਿਵਾਰ