ਗੁਰਦਾਸਪੁਰ: ਸਮਾਰਟ ਵਿਲੇਜ਼ ਮੁਹਿੰਮ ਦੇ ਦੂਜੇ ਪੜਾਅ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਵਰਚੂਅਲ ਉਦਘਾਟਨ ਕੀਤਾ ਗਿਆ। ਇਸੇ ਤਹਿਤ ਸਮਾਜਿਕ ਸੁਰੱਖਿਆ, ਮਲਿਹਾ ਤੇ ਬਾਲ ਵਿਕਾਸ ਮੰਤਰੀ ਬੀਬੀ ਅਰੁਣਾ ਚੌਧਰੀ ਗੁਰਦਾਸਪੁਰ 'ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੀਡੀਓ ਕਾਨਫ਼ਰੰਸ ਵਿੱਚ ਹਿੱਸਾ ਲੈਂਦੇ ਹੋਏ ਮੁਹਿੰਮ ਤਹਿਤ ਗੁਰਦਾਸਪੁਰ ਜ਼ਿਲ੍ਹੇ ਪਿੰਡਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ।
ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਪ੍ਰਾਜੈਕਟ ਦਿਹਾਤੀ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਸਹਾਇਕ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਦੂਜੇ ਪੜਾਅ ਵਿੱਚ ਸੜਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨਾ, ਸਟ੍ਰੀਟ ਲਾਈਟ ਸਿਸਟਮ, ਨਵੀਂਆਂ ਸੀਵਰੇਜ ਲਾਈਨਾਂ ਪਾਉਣਾ, ਥਾਪਰ ਮਾਡਲ ਪੌਂਡਜ਼ ਦੀ ਸਥਾਪਨਾ, ਇੰਟਰਲਾਕਿੰਗ ਟਾਈਲਾਂ, ਸ਼ਮਸ਼ਾਨਘਾਟਾਂ ਵਿਚ ਸ਼ੈੱਡ, ਠੋਸ ਕੂੜਾ ਪ੍ਰਬੰਧਨ, ਸੀਵਰੇਜ ਵੇਸਟ ਦਾ ਨਿਪਟਾਰਾ, ਪੰਚਾਇਤ ਘਰਾਂ ਦੀ ਉਸਾਰੀ, ਨਵੇਂ ਖੇਡ ਮੈਦਾਨ, ਕਮਿਊਨਿਟੀ ਸੈਂਟਰ ਸਮੇਤ 3201 ਵਿਕਾਸ ਪ੍ਰਾਜੈਕਟ ਜਲਦੀ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਇਸ ਦੂਜੇ ਪੜਾਅ ਤਹਿਤ 306 ਕਰੋੜ 77 ਲੱਖ ਰੁਪਏ ਦੀ ਲਾਗਤ ਨਾਲ 4298 ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾਣਗੇ।
ਉਨ੍ਹਾਂ ਕਿਹਾ ਕਿ ਐਸਵੀਸੀ ਦਾ ਉਦੇਸ਼ ਪੇਂਡੂ ਖੇਤਰਾਂ ਨੂੰ ਸ਼ਹਿਰਾਂ ਵਰਗਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਹੈ ਤਾਂ ਜੋ ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮਿਲ ਸਕਣ।
ਇਸੇ ਨਾਲ ਹੀ ਬੀਬੀ ਚੌਧਰੀ ਨੇ ਕਿਸਾਨਾਂ ਦੇ ਸੰਘਰਸ਼ ਬਾਰੇ ਕਿਹਾ ਕਿ ਉਹ ਕਿਸਾਨਾਂ ਦੇ ਸੰਘਰਸ਼ ਦੇ ਨਾਲ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜੋ ਵੀ ਕਰਨਾ ਪਿਆ ਉਹ ਕਰਨਗੇ।