ਗੁਰਦਾਸਪੁਰ : ਡੇਰਾ ਬਾਬਾ ਨਾਨਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਕਰਤਾਰਪੁਰ ਕੋਰੀਡੋਰ ਖੁੱਲ੍ਹਣ ਸਬੰਧੀ ਤਿਆਰੀਆਂ ਜਾਰੀ ਹਨ। ਇਸ ਦੌਰਾਨ ਸੰਗਤਾਂ ਦੀ ਵੱਡੀ ਆਮਦ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।
ਇਨ੍ਹਾਂ ਤਿਆਰੀਆਂ ਬਾਰੇ ਦੱਸਦੇ ਹੋਏ ਡੇਰਾ ਬਾਬਾ ਨਾਨਕ ਦੇ ਐੱਸਡੀਐਮ ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਵਿਖੇ ਚਾਰ ਸਵਾਗਤੀ ਗੇਟ ਤਿਆਰ ਕੀਤੇ ਜਾ ਰਹੇ ਹਨ। ਇਨ੍ਹਾਂ ਚਾਰ ਸਵਾਗਤੀ ਗੇਟਾਂ ਨੂੰ ਧਾਰਮਿਕ ਤਸਵੀਰਾਂ ਨਾਲ ਸਜਾਇਆ ਜਾਵੇਗਾ। ਇਨ੍ਹਾਂ ਗੇਟਾਂ ਦੇ ਨਾਂਅ ਵੀ ਧਾਰਮਿਕ ਸ਼ਖਸੀਅਤਾਂ ਦੇ ਨਾਂਅ ਉੱਤੇ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਗਤਾਂ ਦੇ ਰਹਿਣ, ਸੁਰੱਖਿਆ, ਲੰਗਰ ਅਤੇ ਮੈਡੀਕਲ ਸੁਵਿਧਾਵਾਂ ਅਤੇ ਆਵਾਜਾਈ ਦੇ ਸਾਧਨ ਦੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਦੇ ਨਾਲ ਹੀ ਡੇਰਾ ਬਾਬਾ ਨਾਨਕ ਨਗਰ ਕੌਂਸਲ ਦੇ ਅਧਿਕਾਰੀ ਅਨਿਲ ਮੇਹਤਾ ਨੇ ਦੱਸਿਆ ਕਿ ਇਸ ਦੌਰਾਨ ਡੇਰਾ ਬਾਬਾ ਨਾਨਕ ਦੀ ਸਾਫ਼ ਸਫਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲ ਨੂੰ 35 ਈ ਰਿਕਸ਼ਾ ਅਤੇ 14 ਟਾਟਾ ਏਸ ਗੱਡੀਆਂ ਦਿੱਤੀਆਂ ਗਈਆਂ ਹਨ। ਇਹ ਈ-ਰਿਕਸ਼ਾ ਅਤੇ ਗੱਡੀਆਂ ਤੰਗ ਗਲੀਆਂ ਚੋਂ ਕੁੜਾ ਇੱਕਠਾ ਕਰਨ ਦਾ ਕੰਮ ਕਰਨਗੀਆਂ। ਉਨ੍ਹਾਂ ਨੇ ਇਸ ਦੌਰਾਨ ਡੇਰਾ ਬਾਬਾ ਨਾਨਕ ਦੀ ਸਫਾਈ ਦਾ ਖ਼ਾਸ ਖਿਆਲ ਰੱਖਣ ਦੀ ਗੱਲ ਆਖੀ।