ਗੁਰਦਾਸਪੁਰ : ਦੀਨਾਨਗਰ ਦੇ ਪਿੰਡ ਬਰਿਆਰ ਵਿਖੇ ਕਰਵਾਚੌਥ ਵਾਲੇ ਦਿਨ ਇੱਕ ਮਹਿਲਾ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਹਿਲਾ ਨੇ ਆਪਣੇ ਪਤੀ ਤੋਂ ਤੰਗ ਹੋ ਕੇ ਜ਼ਹਿਰਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ।
ਮ੍ਰਿਤਕ ਮਹਿਲਾ ਦੀ ਪਛਾਣ ਅਮਨ ਵਜੋਂ ਹੋਈ ਹੈ। ਮ੍ਰਿਤਕ ਮਹਿਲਾ ਦੇ ਪਰਿਵਾਰ ਨੇ ਮ੍ਰਿਤਕਾ ਦੇ ਪਤੀ ਮੱਖਣ ਮਸੀਹ ਉੱਤੇ ਖ਼ੁਦਕੁਸ਼ੀ ਲਈ ਮਜਬੂਰ ਕੀਤੇ ਜਾਣ ਦੇ ਦੋਸ਼ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮੱਖਣ ਮਸੀਹ ਮ੍ਰਿਤਕਾ ਕੋਲੋਂ ਦਾਜ ਦੀ ਮੰਗ ਕਰਦਾ ਸੀ ਅਤੇ ਉਸ ਨਾਲ ਕੁੱਟਮਾਰ ਕਰਦਾ ਸੀ। ਮ੍ਰਿਤਕਾ ਦੇ ਪਰਿਵਾਰ ਨੇ ਪੁਲਿਸ ਉੱਤੇ ਸ਼ਿਕਾਇਤ ਨਾ ਦਰਜ ਕੀਤੇ ਜਾਣ ਦਾ ਦੋਸ਼ ਲਗਾਇਆ ਹੈ। ਪੀੜਤਾ ਦੇ ਪਰਿਵਾਰ ਨੇ ਇਨਸਾਫ਼ ਦੀ ਮੰਗ ਕਰਦਿਆਂ ਜਲਦ ਤੋਂ ਜਲਦ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ :AIG Vigilance ਉੱਤੇ ਥਾਣੇ ਵਿੱਚ ਬਲਾਤਕਾਰ ਦੇ ਇਲਜ਼ਾਮ ਤਹਿਤ ਮਾਮਲਾ ਦਰਜ
ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਉਨ੍ਹਾਂ ਨੇ ਧਾਰਾ 174 ਦੇ ਤਹਿਤ ਕਰਾਵਾਈ ਕਰਦਿਆਂ ਮ੍ਰਿਤਕਾ ਦੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਮੁਤਾਬਕ ਮਹਿਲਾ ਦੀ ਮੌਤ ਕਣਕ ਦੀ ਦਵਾਈ ਸਿਰ ਨੂੰ ਚੜ੍ਹਨ ਨਾਲ ਹੋਈ ਹੈ। ਪੁਲਿਸ ਵੱਲੋਂ ਦੋਹਾਂ ਪੱਖਾਂ ਤੋਂ ਬਿਆਨ ਦਰਜ ਕਰਕੇ ਜਾਂਚ ਕੀਤੇ ਜਾਣ ਦੀ ਗੱਲ ਆਖੀ ਗਈ ਹੈ। ਪੁਲਿਸ ਨੇ ਕਿਹਾ ਕਿ ਉਹ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕਰਨਗੇ।