ਹੁਸ਼ਿਆਰਪੁਰ: ਦੁਨੀਆ ਭਰ 'ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਹੁਣ ਤੱਕ ਸੂਬੇ 'ਚ ਲਗਭਗ 38 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿਖੇ ਇੱਕੋ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਵਿੱਚ ਕੋਰੋਨਾ ਵਾਇਰਸ ਪਾਜ਼ੀਟਿਵ ਪਾਇਆ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਹੁਸ਼ਿਆਰਪੁਰ ਦੇ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਇਥੇ ਦੋ ਮਰੀਜ਼ਾਂ ਦਾ ਕੋਰੋਨਾ ਵਾਇਰਸ ਦਾ ਟੈਸਟ ਪਾਜ਼ੀਟਿਵ ਆਇਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦੇ ਸੰਪਰਕ 'ਚ ਆਉਣ ਵਾਲੇ ਲੋਕਾਂ ਦੀ ਜਾਂਚ ਕੀਤੀ ਗਈ।
ਸਿਹਤ ਵਿਭਾਗ ਵੱਲੋਂ ਪਹਿਲੇ ਦੋ ਮਰੀਜ਼ਾ ਦੇ ਸੰਪਰਕ 'ਚ ਆਉਣ ਵਾਲੇ 96 ਲੋਕਾਂ ਦੀ ਜਾਂਚ ਕੀਤੀ ਗਈ ਸੀ। ਇਨ੍ਹਾਂ ਚੋਂ ਹੁਣ ਤੱਕ 67 ਮਰੀਜ਼ਾਂ ਦੀ ਰਿਪੋਰਟ ਆ ਚੁੱਕੀ ਹੈ। ਇਸ ਦੌਰਾਨ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿਖੇ ਤਿੰਨ ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਹ ਤਿੰਨੇ ਮਰੀਜ਼ ਇੱਕੋ ਪਰਿਵਾਰ ਦੇ ਮੈਂਬਰ ਹਨ। ਕੋਰੋਨਾ ਪੀੜਤ ਮਰੀਜ਼ਾਂ ਦੀ ਪਛਾਣ ਪਹਿਲਾਂ ਤੋਂ ਪ੍ਰਭਾਵਤ ਹਰਭਜਨ ਸਿੰਘ ਦੀ ਪਤਨੀ ਪਰਮਜੀਤ ਕੌਰ ਅਤੇ ਉਨ੍ਹਾਂ ਦੀ ਨੂੰਹ ਗੁਰਪ੍ਰੀਤ ਕੌਰ ਅਤੇ ਉਨ੍ਹਾਂ ਦੇ ਗੁਆਂਢ 'ਚ ਰਹਿਣ ਵਾਲੀ ਮਹਿਲਾ ਸੁਰਿੰਦਰ ਕੌਰ ਵਜੋਂ ਹੋਈ ਹੈ। ਪੀੜਤ ਮਰੀਜ਼ਾਂ ਨੂੰ ਆਈਸੋਲੇਸ਼ਨ ਵਾਰਡ 'ਚ ਰੱਖਿਆ ਗਿਆ ਹੈ ਤੇ ਉਨ੍ਹਾਂ ਦਾ ਇਲਾਜ ਜਾਰੀ ਹੈ।
ਹੋਰ ਪੜ੍ਹੋ :ਮਜੀਠੀਆ ਨੇ ਪਿੰਡਾਂ 'ਚ ਘਰ-ਘਰ ਜਾ ਕੇ ਵੰਡਿਆ ਰਾਸ਼ਨ
ਸਿਵਲ ਸਰਜਨ ਨੇ ਦੱਸਿਆ ਕਿ ਹੋਰਨਾਂ ਲੋਕਾਂ ਦੀ ਸੁਰੱਖਿਆ ਲਈ ਪਿੰਡ ਮੋਰਾਂਵਾਲੀ ਦੇ ਨੇੜਲੇ ਪਿੰਡ ਬਸਿਆਲ, ਐਮਾਂ ਜੱਟਾ, ਪੰਡੋਰੀ , ਬਿੰਜੋ, ਸੋਹਨੀ ਆਦਿ ਨੂੰ ਸੀਲ ਕੀਤਾ ਜਾ ਚੁੱਕਾ ਹੈ ਅਤੇ ਪਾਜੇਟਿਵ ਮਰੀਜ ਸਪੰਰਕ ਵਿੱਚ ਆਉਣ ਵਾਲੇ ਵਿਆਤਕੀਆਂ ਦੀ ਭਾਲ ਕਰਕੇ ਉਨ੍ਹਾਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ। ਪਹਿਲਾਂ ਤੋਂ ਪ੍ਰਭਾਵਤ ਪਿਊ-ਪੁੱਤਰ ਦੇ ਸੰਪਰਕ 'ਚ ਆਉਣ ਵਾਲੇ 9 ਮਰੀਜ਼ ਸਿਵਲ ਹਸਪਤਾਲ ਹੁਸ਼ਿਆਰਪੁਰ 'ਚ ਦਾਖ਼ਲ ਕੀਤੇ ਗਏ ਹਨ। ਸਿਹਤ ਵਿਭਾਗ ਦੀਆ ਟੀਮਾਂ ਵਲੋ ਪ੍ਰਭਵਿਤ ਪਿੰਡਾਂ ਵਿੱਚ ਜਾ ਕੇ ਅੱਜ 20 ਸੈਪਲ ਹੋਰ ਇਕੱਤਰ ਕੀਤੇ ਗਏ ਤੇ ਅਗਲੇਰੀ ਜਾਂਚ ਲਈ ਲੈਬ ਭੇਜ ਦਿੱਤਾ ਜਾਵੇਗਾ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਵਿੱਚ ਵੀ ਕੋਰਨਾ ਸਬੰਧੀ ਲੱਛੜ ਨਜ਼ਰ ਆਉਂਦੇ ਹਨ ਤਾਂ ਤੁਰੰਤ ਸਿਹਤ ਵਿਭਾਗ ਨੂੰ ਇਸ ਦੀ ਸੂਚਨਾ ਦਿੱਤੀ ਜਾਵੇ।