ਹੁਸ਼ਿਆਰਪੁਰ: ਸ਼ਹਿਰ ਦੇ ਮਿੰਨੀ ਸੈਕਟਰੀਏਟ ਨੇੜੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਹ ਧਰਨਾ ਸ਼ਹਿਰ 'ਚ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਕੀਤਾ ਗਿਆ।
ਇਸ ਮੌਕੇ ਵੱਡੀ ਗਿਣਤੀ 'ਚ 'ਆਪ' ਵਰਕਰਾਂ ਨੇ ਇਸ ਰੋਸ ਪ੍ਰਦਰਸ਼ਨ ਵਿੱਚ ਹਿੱਸਾ ਲਿਆ। ਉਨ੍ਹਾਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ 'ਆਪ' ਵਰਕਰਾਂ ਨੇ ਕਿਹਾ ਕਿ ਸ਼ਹਿਰਵਾਸੀਆਂ ਦੀ ਇਸ ਸਮੱਸਿਆ ਬਾਰੇ ਜਾਣਦੇ ਹੋਏ ਵੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਆਏ ਦਿਨ ਸ਼ਹਿਰ 'ਚ ਘੁੰਮ ਰਹੇ ਅਵਾਰਾ ਪਸ਼ੂਆਂ ਕਾਰਨ ਕਈ ਸੜਕ ਹਾਦਸੇ ਵਾਪਰਦੇ ਹਨ। ਬੀਤੇ ਦਿਨੀਂ ਇੱਕ ਅਵਾਰਾ ਪਸ਼ੂ ਕਾਰਨ ਹੋਏ ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ ਜੋ ਦੁੱਖਦਾਈ ਘਟਨਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਘਰ ਦਾ ਖ਼ਰਚਾ ਚੁਕਣ ਵਾਲਾ ਇਕਲੌਤਾ ਵਿਅਕਤੀ ਸੀ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ ਆਰਥਿਕ ਮਦਦ ਦਿੱਤੀ ਜਾਵੇ ਤਾਂ ਜੋ ਉਸ ਦੇ ਘਰ ਦਾ ਗੁਜ਼ਾਰਾ ਹੋ ਸਕੇ।
ਪ੍ਰਦਰਸ਼ਨਕਾਰੀਆਂ ਨੇ ਆਖਿਆ ਕਿ ਸਰਕਾਰ ਸਾਡੇ ਤੋਂ ਗਓ ਟੈਕਸ ਲੈਂਦੀ ਹੈ ਪਰ ਇਸ ਦੇ ਬਵਜੂਦ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਹੁਣ ਤੱਕ ਸ਼ਹਿਰ 'ਚ ਅਵਾਰਾ ਪਸ਼ੂਆਂ ਦੇ ਕਾਰਨ ਸ਼ਹਿਰ 'ਚ ਕਈ ਸੜਕ ਹਾਦਸੇ ਵਾਪਰਦੇ ਹਨ ਤੇ ਕਈ ਲੋਕਾਂ ਦੀਆਂ ਜਾਨਾਂ ਜਾਂਦੀਆਂ ਹਨ। ਪ੍ਰਦਰਸ਼ਨਕਾਰੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਸੂਬਾ ਸਰਕਾਰ ਕੋਲੋਂ ਜਲਦ ਤੋਂ ਜਲਦ ਇਸ ਸਮੱਸਿਆ ਨੂੰ ਹੱਲ ਕੀਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਇਸ ਦਾ ਹੱਲ ਨਹੀਂ ਕੀਤਾ ਗਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।