ਹੁਸ਼ਿਆਰਪੁਰ : ਜ਼ਿਲ੍ਹਾ ਪੁਲਿਸ ਅਤੇ ਆਬਕਾਰੀ ਵਿਭਾਗ ਨੇ ਸਾਂਝੀ ਕਾਰਵਾਈ ਕਰਦੇ ਹੋਏ ਇੱਕ ਘਰ 'ਚੋ ਭਾਰੀ ਮਾਤਰਾ ਵਿੱਚ ਸ਼ਰਾਬ ਬਰਾਮਦ ਕੀਤੀ ਹੈ। ਇਸ ਘਰ ਵਿੱਚ ਵੱਖਰੀ ਪ੍ਰਜਾਤੀ ਦੇ ਕੱਛੂਕੁੰਮੇ ਵੀ ਰੱਖੇ ਗਏ ਸਨ। ਪੁਲਿਸ ਨੇ ਇਸ ਮਾਮਲੇ ਵਿੱਚ 3 ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ ਜਿਸ ਵਿੱਚ ਇੱਕ ਬਜ਼ੁਰਗ ਮਹਿਲਾ ਵੀ ਸ਼ਾਮਲ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਆਬਕਾਰੀ ਵਿਭਾਗ ਦੇ ਅਧਿਕਾਰੀ ਹਨੁਮੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਛਾਪੇਮਾਰੀ ਗੁਪਤ ਸੂਚਨਾ ਦੇ ਅਧਾਰ 'ਤੇ ਕੀਤੀ ਗਈ ਹੈ। ਇਹ ਕਾਰਵਾਈ ਆਬਕਾਰੀ ਵਿਭਾਗ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਕੀਤੀ ਗਈ ਹੈ। ਪੁਲਿਸ ਵੱਲੋਂ ਇਥੇ ਇੱਕ ਬਚਨੋ ਨਾਂਅ ਦੀ ਬਜ਼ੁਰਗ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਦਕਿ ਦੋ ਹੋਰ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।
ਛਾਪੇਮਾਰੀ ਦੌਰਾਨ ਪੁਲਿਸ ਨੇ ਬਜ਼ੁਰਗ ਮਹਿਲਾ ਦੇ ਘਰ ਤੋਂ ਭਾਰੀ ਮਾਤਰਾ ਵਿੱਚ ਗੈਰ-ਕਾਨੂੰਨੀ ਸ਼ਰਾਬ ਅਤੇ 11 ਵੱਖਰੀ ਪ੍ਰਜਾਤੀ ਦੇ ਕੱਛੂਕੁਮੇ ਬਰਾਮਦ ਕੀਤੇ ਹਨ। ਆਬਕਾਰੀ ਵਿਭਾਗ ਵੱਲੋਂ ਇਸ ਦੀ ਜਾਣਕਾਰੀ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ।
ਪੁਲਿਸ ਅਤੇ ਆਬਕਾਰੀ ਵਿਭਾਗ ਵੱਲੋਂ ਬਜ਼ੁਰਗ ਮਹਿਲਾ ਸਮੇਤ ਤਿੰਨਾਂ ਮੁਲਜ਼ਮਾਂ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮੌਕੇ ਤੋਂ ਫਰਾਰ ਹੋਏ ਦੋ ਮੁਲਜ਼ਮਾਂ ਦੀ ਤਲਾਸ਼ ਜਾਰੀ ਹੈ।