ਹੁਸ਼ਿਆਰਪੁਰ:ਆਮ ਆਦਮੀ ਪਾਰਟੀ ਹੁਸ਼ਿਆਰਪੁਰ ਵੱਲੋਂ ਪਾਰਟੀ ਦੇ ਮੁੱਖ ਦਫ਼ਤਰ 'ਚ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਪਾਰਟੀ ਆਗੂ ਤੇ ਵਰਕਰ ਵੀ ਪਹੁੰਚੇ।
ਪ੍ਰੈਸ ਕਾਨਫਰੰਸ ਦੌਰਾਨ ਮੱਖ ਮਹਿਮਾਨ ਵਜੋਂ ਪੁੱਜੇ ਦੋਆਬਾ ਜ਼ੋਨ ਦੇ ਪ੍ਰਧਾਨ ਡਾ. ਹਰਮਿੰਦਰ ਸਿੰਘ ਬਖਸ਼ੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨ ਮਹਿਜ਼ ਕਿਸਾਨ ਵਿਰੋਧੀ ਹੀ ਨਹੀਂ ਸਗੋਂ ਆਮ ਲੋਕਾਂ ਦੇ ਵੀ ਖਿਲਾਫ਼ ਹਨ। ਉਨ੍ਹਾਂ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮੋਦੀ ਸਰਕਾਰ ਆਪਣੀਆਂ ਨੀਤੀਆਂ ਦੇ ਨਾਂਅ 'ਤੇ ਲੋਕਤੰਤਰ ਦੀਆਂ ਧਜੀਆਂ ਉਡਾ ਰਹੀ ਹੈ। ਕੇਂਦਰ ਸਰਕਾਰ ਖਿਲਾਫ ਰੋਸ ਪ੍ਰਗਟਾਉਂਦੇ ਹੋਏ ਉਨ੍ਹਾਂ ਕਿਹਾ ਕਿ ਮਹਿਜ਼ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਮੋਦੀ ਸਰਕਾਰ ਕਿਸਾਨਾਂ ਦੇ ਹੱਕ ਖੋਹ ਰਹੀ ਹੈ ਤੇ ਕਿਸਾਨਾਂ ਦੀਆਂ ਮੰਗਾਂ ਅਣਗੋਲਿਆ ਕਰ ਰਹੀ ਹੈ।
ਕਿਸਾਨਾਂ ਵੱਲੋਂ ਭਾਜਪਾ ਆਗੂ ਹਰਜੀਤ ਗਰੇਵਾਲ ਤੇ ਸੁਰਜੀਤ ਕੁਮਾਰ ਜਿਆਣੀ ਦਾ ਸਮਾਜਿਕ ਬਾਈਕਾਟ ਕਰਨ ਦੇ ਸਵਾਲ 'ਤੇ ਜਵਾਬ ਦਿੰਦਿਆਂ ਆਪ ਆਗੂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਭਾਜਪਾ ਪ੍ਰਤੀ ਅੱਜ ਹਰ ਪੰਜਾਬੀ 'ਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਜਨਤਾ ਸਭ ਜਾਣਦੀ ਹੈ, ਜੇਕਰ ਉਹ ਵੋਟਾਂ ਦੇ ਕਿ ਜਿੱਤਾ ਸਕਦੀ ਹੈ ਤਾਂ ਵਿਰੋਧ ਕਰਨ ਦਾ ਵੀ ਹੱਕ ਰੱਖਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਨਗਰ ਨਿਗਮ ਚੋਣਾਂ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਹੁਸ਼ਿਆਰਪੁਰ 50 ਵਾਰਡਾ 'ਤੇ ਨਗਰ ਨਿਗਮ ਦੀਆਂ ਚੋਣਾਂ ਲੜੇਗੀ ਅਤੇ ਸ਼ਾਨਦਾਰ ਜਿੱਤ ਹਾਸਲ ਕਰੇਗੀ।