ਹੁਸ਼ਿਆਰਪੁਰ: ਕਾਂਗਰਸ ਦੇ ਚੱਲ ਰਹੇ ਆਪਸੀ ਕਲੇਸ਼ ਕਾਰਨ ਵਿਰੋਧੀ ਪਾਰਟੀਆਂ ਵਲੋਂ ਵਾਰ ਪਲਟਵਾਰ ਜਾਰੀ ਹੈ। ਇਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਦੋਆਬਾ ਇੰਚਾਰਜ ਡਾ. ਹਰਮਿੰਦਰ ਸਿੰਘ ਬਖਸ਼ੀ ਵਲੋਂ ਗੜ੍ਹਸ਼ੰਕਰ ਦੇ ਮਾਹਿਲਪੁਰ 'ਚ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ।
ਇਸ ਮੌਕੇ ਡਾ. ਬਖਸ਼ੀ ਦਾ ਕਹਿਣਾ ਕਿ ਕਾਂਗਰਸ ਪਾਰਟੀ ਦੇ ਰਾਹੁਲ ਗਾਂਧੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 18 ਨੁਕਤਿਆਂ ਦੇ ਉੱਪਰ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਆਦੇਸ਼ ਜਾਰੀ ਕਿਤੇ ਹਨ। ਉਨ੍ਹਾਂ ਦਾ ਕਹਿਣਾ ਕਿ ਪੰਜਾਬ ਦੀ ਕਾਂਗਰਸ ਨੇ ਸਾਲ 2017 'ਚ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਸੀ, ਅਤੇ ਹੁਣ ਸਾਲ 2022 'ਚ ਵੀ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਹਾਸਲ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ 'ਤੇ ਗੱਲ ਕਰਦੇ ਹੋਏ ਡਾ. ਹਰਮਿੰਦਰ ਸਿੰਘ ਬਖਸ਼ੀ ਨੇ ਕਿਹਾ ਕਿ ਜੇਕਰ ਕੇਂਦਰ ਦੀ ਬੀਜੇਪੀ ਸਰਕਾਰ ਪੈਟਰੋਲ ਅਤੇ ਡੀਜ਼ਲ ਤੇ ਲੱਗਣ ਵਾਲੇ ਟੈਕਸ ਨੂੰ ਘਟਾਉਣ ਲਈ ਤਿਆਰ ਨਹੀਂ ਹੈ ਤਾਂ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਵੈਟ ਘੱਟ ਕਰਕੇ ਲੋਕਾਂ ਨੂੰ ਰਾਹਤ ਦੇਣੀ ਚਾਹੀਦੀ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰਾਂ ਵਲੋਂ ਲੋਕਾਂ ਨੂੰ ਹਰ ਪਾਸੋਂ ਲੁੱਟਿਆ ਜਾ ਰਿਹਾ ਹੈ, ਉਨ੍ਹਾਂ ਦਾ ਕਹਿਣਾ ਕਿ ਲੋਕ ਸੁਚੇਤ ਹੋਣ ਚੁੱਕੇ ਹਨ ਅਤੇ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਲੈ ਕੇ ਆਉਣਗੇ।