ਹੁਸ਼ਿਆਰਪੁਰ : ਖੇਤੀ ਸੁਧਾਰ ਕਾਨੂੰਨ ਖਿਲਾਫ ਕਿਸਾਨਾਂ ਧਰਨਾ ਜਾਰੀ ਹੈ। ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜੱਥੇਬੰਦੀਆਂ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਇਸੇ ਕੜੀ 'ਚ ਕਿਸਾਨਾਂ ਨੇ ਹੁਸ਼ਿਆਰਪੁਰ ਬੱਸ ਸਟੈਂਡ ਚੌਕ 'ਚ ਧਰਨਾ ਲਾ ਕੇਂਦਰ ਸਰਕਾਰ ਦਾ ਵਿਰੋਧ ਕੀਤਾ।
ਕਿਸਾਨਾਂ ਨੇ ਧਰਨੇ ਦੌਰਾਨ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਰਾਜਨੀਤਕ ਪਾਰਟੀਆਂ 'ਤੇ ਕਿਸਾਨਾਂ ਦੇ ਸੰਘਰਸ਼ ਨੂੰ ਲੈ ਕੇ ਸਿਆਸਤ ਕਰਨ ਦੇ ਦੋਸ਼ ਲਾਏ।
ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਦੇ ਕਿਸਾਨ ਆਪਣੇ ਹੱਕਾਂ ਲਈ ਸੜਕਾਂ 'ਤੇ ਉੱਤਰ ਕੇ ਸੰਘਰਸ਼ ਕਰ ਰਹੇ ਹਨ, ਉਥੇ ਹੀ ਦੂਜੇ ਪਾਸੇ ਰਾਜਨੀਤਕ ਪਾਰਟੀਆਂ ਇਸ ਮੁੱਦੇ 'ਤੇ ਸਿਆਸਤ ਕਰਕੇ ਕਿਸਾਨਾਂ ਨੂੰ ਭਰਮਾਉਣ ਦੀ ਕੋਸ਼ਿਸ਼ਾਂ ਕਰ ਰਹੀਆਂ ਹਨ।
ਕਿਸਾਨ ਆਗੂ ਹਰਪਾਲ ਸਿੰਘ ਸੰਘਾ ਨੇ ਆਖਿਆ ਕਿ ਕਿਸਾਨਾਂ ਵੱਲੋਂ ਸੰਘਰਸ਼ ਦੇ ਨਾਲ-ਨਾਲ ਭਾਜਪਾ ਆਗੂਆਂ ਦਾ ਵਿਰੋਧ ਜਾਰੀ ਹੈ। ਉਨ੍ਹਾਂ ਕਿਹਾ ਕਿ ਉਹ ਭਾਜਪਾ ਵੱਲੋਂ ਕਿਸਾਨ ਦੇ ਹੱਕ 'ਚ ਕੱਢੀ ਜਾਣ ਵਾਲੀ ਰੈਲੀਆਂ ਦਾ ਵਿਰੋਧ ਕਰਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਰੈਲੀਆਂ ਕਿਸਾਨਾਂ ਦੇ ਸੰਘਰਸ਼ ਨੂੰ ਖ਼ਤਮ ਕਰਨ ਦੀ ਚਾਲ ਹੈ। ਉਨ੍ਹਾਂ ਆਖਿਆ ਕਿਸਾਨ ਜੱਥੇਬੰਦੀਆਂ ਭਾਜਪਾ ਦੀ ਇਸ ਕੋਸ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦੇਣਗੀਆਂ। ਭਾਜਪਾ ਦੇ ਰਾਜ ਵਿੱਚ ਕਿਸਾਨਾਂ ਨਾਲ ਧੱਕਾ ਹੋ ਰਿਹਾ ਹੈ। ਕੇਂਦਰ ਦੀ ਮੋਦੀ ਸਰਕਾਰ ਕਿਸਾਨ ਵਿਰੋਧੀ ਕਾਨੂੰਨਾਂ ਲਿਆ ਕਿ ਕਿਸਾਨਾਂ ਦੇ ਹੱਕਾਂ ਨੂੰ ਖੋਹ ਰਹੀ ਹੈ। ਕਿਸਾਨਾਂ ਵੱਲੋਂ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ।