ਹੁਸ਼ਿਆਰਪੁਰ: ਕੇਂਦਰ ਸਰਕਾਰ ਵੱਲੋਂ ਪਾਸ ਖੇਤੀ ਕਾਨੂੰਨਾਂ ਦੇ ਖਿਲਾਫ ਲੋਕਾਂ 'ਚ ਭਾਰੀ ਰੋਸ ਹੈ। ਇਸ ਦੇ ਚਲਦੇ ਸੂਬੇ 'ਚ ਭਾਜਪਾ ਆਗੂਆਂ ਦਾ ਵਿਰੋਧ ਜਾਰੀ ਹੈ। ਅਜਿਹਾ ਕਸਬਾ ਗੜ੍ਹਸ਼ੰਕਰ 'ਚ ਉਦੋਂ ਵੇਖਣ ਨੂੰ ਮਿਲਿਆ ਜਦ ਵਿਜੇ ਸਾਂਪਲਾ ਇਥੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਦੌਰਾਨ ਇਥੇ ਸਥਾਨਕ ਲੋਕਾਂ ਤੇ ਕਿਸਾਨਾਂ ਨੇ ਕਾਲੀਆਂ ਝੰਡੀਆਂ ਵਿਖਾ ਕੇ ਵਿਜੇ ਸਾਂਪਲਾ ਦਾ ਵਿਰੋਧ ਕੀਤਾ।
ਇਸ ਮੌਕੇ ਕਿਸਾਨਾਂ ਤੇ ਸਥਾਨਕ ਲੋਕਾਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਿਸਾਨ ਮਾਰੂ ਖੇਤੀ ਕਾਨੂੰਨ ਪਾਸ ਕੀਤੇ ਗਏ ਹਨ। ਕਿਸਾਨਾਂ ਦੇ ਸਮਰਥਨ 'ਚ ਉਹ ਭਾਜਪਾ ਲੀਡਰਾਂ ਤੇ ਆਗੂਆਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਜੇ ਸਾਂਪਲਾ ਨੂੰ ਚੇਅਰਮੈਨੀ ਛੱਡ ਪੰਜਾਬ ਦੇ ਕਿਸਾਨਾਂ ਤੇ ਲੋਕਾਂ ਦਾ ਸਾਥ ਦੇਣਾ ਚਾਹੀਦਾ ਸੀ, ਪਰ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ।
ਉਨ੍ਹਾਂ ਕਿਹਾ ਭਾਜਪਾ ਆਗੂ ਮਹਿਜ਼ ਆਪਣੇ ਫਾਇਦੇ ਦਾ ਸੋਚਦੇ ਹਨ। ਉਨ੍ਹਾਂ ਕਿਹਾ ਕਿ ਵਿਜੇ ਸਾਂਪਲਾ ਭਾਜਪਾ ਦੇ ਦਲਾਲ ਬਣੇ ਹੋਏ ਹਨ। ਉਨ੍ਹਾਂ ਕਿਹਾ ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਕਾਲੇ ਬਿੱਲ ਪਾਸ ਕਰ ਕਿਸਾਨਾਂ ਨੂੰ ਸੜਕਾਂ 'ਤੇ ਧਰਨੇ ਲਾਉਣ ਲਈ ਮਜਬੂਰ ਕੀਤਾ ਹੈ।
ਉਥੇ ਹੀ ਦੂਜੇ ਪਾਸੇ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਵਿਰੋਧ ਨੂੰ ਮੰਦਭਾਗਾ ਦੱਸਿਆ। ਸਾਂਪਲਾ ਕਿਹਾ ਕਿ ਰਾਸ਼ਟਰਪਤੀ ਵੱਲੋਂ ਉਨ੍ਹਾਂ ਨੇ ਅਨਸੂਚਿਤ ਜਾਤੀ ਤੇ ਐਸਸੀ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਲਝਾਉਣ ਲਈ ਨਿਯੁਕਤ ਕੀਤਾ ਹੈ।
ਉਨ੍ਹਾਂ ਕਿਹਾ ਕਿ ਉਹ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਬਤੌਰ ਸ਼ਰਧਾਲੂ ਨਤਮਸਤਕ ਹੋਣ ਪੁੱਜੇ ਸਨ ਨਾਂ ਕਿ ਭਾਜਪਾ ਲੀਡਰ ਬਣ ਕੇ ਆਏ ਸਨ। ਉਨ੍ਹਾਂ ਐਸਸੀ ਵਰਗ ਦੇ ਲੋਕਾਂ ਨਾਲ ਹੋ ਰਹੀ ਧੱਕੇਸ਼ਾਹੀ ਤੇ ਉਨ੍ਹਾਂ ਦੇ ਹੱਕ ਲਈ ਕੰਮ ਕਰਨ ਦੀ ਗੱਲ ਆਖੀ।