ਹੁਸ਼ਿਆਰਪੁਰ: ਬਿਆਸ ਦਰਿਆ 'ਤੇ ਪਹਿਲੀ ਵਾਰ ਅਧਿਆਤਮਕਤਾ ਦੀ ਅਜਿਹੀ ਧਾਰਾ ਵਹੀ, ਜਿਸਦੇ ਅਲੌਕਿਕ ਪ੍ਰਕਾਸ਼ ਨੇ ਪੂਰੇ ਇਲਾਕੇ ਨੂੰ ਇੱਕ ਰੰਗ ਵਿੱਚ ਪਿਰੋ ਦਿੱਤਾ। ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਫਲੋਟਿੰਗ ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ' ਕਰਵਾਇਆ ਗਿਆ।
ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਬਿਆਸ ਦਰਿਆ 'ਤੇ ਪਹਿਲੀ ਵਾਰ ਹੋ ਰਹੇ 'ਫਲੋਟਿੰਗ ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ' ਦੌਰਾਨ ਭਾਰੀ ਗਿਣਤੀ ਵਿੱਚ ਜ਼ਿਲ੍ਹਾ ਵਾਸੀਆਂ ਦਾ ਪੁੱਜਣਾ ਇਹ ਸਿੱਧ ਕਰ ਰਿਹਾ ਹੈ ਕਿ ਇਹ ਸ਼ੋਅ ਆਕਰਸ਼ਨ ਦਾ ਕੇਂਦਰ ਬਣ ਰਿਹਾ ਹੈ। ਕਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਧੁਨਿਕ ਤਕਨੀਕ ਨਾਲ ਲਿਬਰੇਜ਼ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਤਾਂ ਜੋ ਸੂਬਾ ਵਾਸੀਆਂ ਅਤੇ ਨੌਜਵਾਨੀ ਨੂੰ ਗੁਰੂ ਸਾਹਿਬ ਦੀ ਜੀਵਨੀ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਜਾ ਸਕੇ।
ਸ਼ੋਅ ਦੌਰਾਨ ਪੁੱਜੀਆਂ ਸੰਗਤਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿਸ ਤਰੀਕੇ ਨਾਲ ਗੁਰੂ ਸਾਹਿਬ ਦੇ ਜੀਵਨ ਬਾਰੇ ਆਧੁਨਿਕ ਤਰੀਕੇ ਨਾਲ ਪੂਰੀ ਜਾਣਕਾਰੀ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ, ਕਾਫ਼ੀ ਸਲਾਹੁਣਯੋਗ ਉਪਰਾਲਾ ਹੈ। ਇਸ ਮੌਕੇ ਰੋਪੜ ਦੇ ਡਿਪਟੀ ਕਮਿਸ਼ਨਰ ਸੁਮਿਤ ਕੁਮਾਰ ਜਾਰੰਗਲ, ਜਨਰਲ ਅਬਜ਼ਰਵਰ ਪਾਂਡੂਰੰਗ ਪੋਲੇ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।