ਹੁਸ਼ਿਆਰਪੁਰ : ਜਿਥੇ ਇੱਕ ਪਾਸੇ ਸਰਕਾਰਾਂ ਵੱਲੋਂ ਬੇਟੀ ਬਚਾਓ, ਬੇਟੀ ਪੜ੍ਹਾਓ ਦੀ ਮੁਹਿੰਮ ਚਲਾਈ ਜਾ ਰਹੀ ਹੈ, ਉਥੇ ਹੀ ਦੂਜੇ ਪਾਸੇ ਮਹਿਲਾਵਾਂ ਤੇ ਕੁੜੀਆਂ ਖਿਲਾਫ ਅਪਰਾਧਕ ਮਾਮਲੇ ਵੱਧ ਰਹੇ ਹਨ। ਅਜਿਹਾ ਹੀ ਮਾਮਲਾ ਗੜ੍ਹਸ਼ੰਕਰ ਵਿਖੇ ਪਿੰਡ ਖੁਸ਼ੀ ਪੱਦੀ ਵਿੱਚ ਸਾਹਮਣੇ ਆਇਆ ਹੈ। ਇਥੇ ਇੱਕ ਵਿਅਕਤੀ ਨੇ ਮਹਿਜ਼ 2 ਸਾਲਾ ਦੀ ਮਾਸੂਮ ਬੱਚੀ ਨਾਲ ਛੇੜਛਾੜ ਤੇ ਜਬਰ ਜਨਾਹ ਕਰਨ ਦੀ ਕੋਸ਼ਿਸ਼ ਕੀਤੀ।
ਪੀੜਤਾ ਦੇ ਪਰਿਵਾਰ ਨੇ ਦੱਸਿਆ ਕਿ ਬੀਤੀ ਸ਼ਾਮ ਬੱਚੀ ਘਰ ਦੇ ਬਾਹਰ ਖੇਡ ਰਹੀ ਸੀ, ਪਿੰਡ ਦੇ ਹੀ ਇੱਕ ਵਿਅਕਤੀ ਬੱਚੀ ਨੂੰ ਚੁੱਕ ਕੇ ਆਪਣੇ ਨਾਲ ਲੈ ਗਿਆ ਤੇ ਉਸ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕੀਤੀ। ਪਿੰਡ ਦੇ ਇੱਕ ਦੁਕਾਨਦਾਰ ਤੇ ਹੋਰਨਾਂ ਲੋਕਾਂ ਨੇ ਬੱਚੀ ਨੂੰ ਬਚਾਇਆ ਤੇ ਪਰਿਵਾਕਰਕ ਮੈਂਬਰਾਂ ਨੂੰ ਸੂਚਨਾ ਦਿੱਤੀ। ਬੱਚੀ ਨੂੰ ਜ਼ੇਰੇ ਇਲਾਜ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੀੜਤਾ ਦੇ ਪਰਿਵਾਰ ਤੇ ਪਿੰਡ ਵਾਸੀਆਂ ਨੇ ਉਕਤ ਮੁਲਜ਼ਮ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੁਲਜ਼ਮਾਂ ਨੂੰ ਕੜੀ ਸਜ਼ਾ ਦੇਣੀ ਚਾਹੀਦੀ ਹੈ ਤਾਂ ਜੋ ਅਜਿਹੀ ਗ਼ਲਤ ਕੰਮ ਕਰਨ ਵਾਲਿਆਂ ਨੂੰ ਸਬਕ ਮਿਲੇ।
ਥਾਣਾ ਮਾਹਿਲਪੁਰ ਦੇ ਐਸਐਚਓ ਸਤਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੁਲਿਸ ਵੱਲੋਂ ਬੱਚੀ ਦਾ ਮੈਡੀਕਲ ਕਰਵਾਇਆ ਗਿਆ। ਉਨ੍ਹਾਂ ਪੀੜਤਾ ਦੇ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ 'ਤੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਜਲਦ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।