ਹੁਸ਼ਿਆਰਪੁਰ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਆਰਡੀਨੈਸਾਂ ਦੇ ਖਿਲਾਫ ਕਿਸਾਨ ਜੱਥੇਬੰਦੀਆਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਕੜੀ 'ਚ ਹੁਸ਼ਿਆਰਪੁਰ ਦੇ ਕਿਸਾਨਾਂ ਨੇ ਅੱਜ ਖੇਤੀ ਆਰਡੀਨੈਸਾਂ ਦੇ ਵਿਰੋਧ 'ਚ ਰੋਸ ਰੈਲੀ ਕੱਢੀ। ਕਿਸਾਨਾਂ ਨੇ ਮੋਦੀ ਸਰਕਾਰ ਕੋਲੋਂ ਇਨ੍ਹਾਂ ਆਰਡੀਨੈਸਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਰੋਸ ਰੈਲੀ ਦੌਰਾਨ ਕਿਸਾਨਾਂ ਨੇ ਸ਼ਹਿਰ ਭਰ 'ਚ ਘੁੰਮਦੇ ਹੋਏ ਪੰਜਾਬ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ।
ਦੱਸਣਯੋਗ ਹੈ ਕਿ ਕੁੱਝ ਸਮੇਂ ਪਹਿਲਾਂ ਹੀ ਕੇਂਦਰ ਸਰਕਾਰ ਵੱਲੋਂ 'ਇੱਕ ਦੇਸ਼, ਇੱਕ ਮੰਡੀ' ਦੇ ਤਹਿਤ ਤਿੰਨ ਖੇਤੀ ਆਰਡੀਨੈਂਸ ਲਾਗੂ ਕੀਤੇ ਗਏ ਹਨ। ਇਨ੍ਹਾਂ ਆਰਡੀਨੈਂਸ ਦੇ ਵਿਰੋਧ 'ਚ ਹੁਣ ਦੇਸ਼ ਭਰ ਦੇ ਕਿਸਾਨ ਸੰਘਰਸ਼ ਕਰਨ ਲਈ ਸੜਕਾਂ 'ਤੇ ਉਤਰ ਆਏ ਹਨ। ਇਸ ਬਾਰੇ ਗੱਲ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਇਹ ਖੇਤੀ ਆਰਡੀਨੈਂਸ ਕਿਸਾਨਾਂ ਦੇ ਹੱਕ 'ਚ ਨਹੀਂ ਸਗੋਂ ਉਨ੍ਹਾਂ ਦੇ ਵਿਰੋਧੀ ਹਨ।
ਇਸ ਬਾਰੇ ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਅਜਿਹੇ ਕੋਰੋਨਾ ਵਾਇਰਸ ਦੀ ਆੜ 'ਚ ਕਿਸਾਨਾਂ ਦੇ ਹੱਕਾਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਡੇ ਵਪਾਰੀਆਂ ਤੇ ਸਰਮਾਏਦਾਰਾਂ ਨੂੰ ਲਾਭ ਦਵਾਉਣ ਲਈ ਇਨ੍ਹਾਂ ਆਰਡੀਨੈਸਾਂ ਨੂੰ ਲੈ ਕੇ ਆਈ ਹੈ। ਉਨ੍ਹਾਂ ਆਖਿਆ ਇਹ ਖੇਤੀ ਆਰਡੀਨੈਂਸ ਪੂਰੀ ਤਰ੍ਹਾਂ ਕਿਸਾਨ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਇਸ ਦੇ ਤਹਿਤ ਵੱਡੇ ਵਪਾਰੀ ਕਿਸਾਨਾਂ ਦੀ ਫਸਲਾਂ ਆਪਣੀ ਮਨਮਰਜ਼ੀ ਮੁਤਾਬਕ ਖ਼ਰੀਦਣਗੇ ਅਤੇ ਉਚੇ ਦਾਮਾਂ 'ਤੇ ਵੇਚ ਕੇ ਮੁਨਾਫਾ ਕਮਾਉਣਗੇ। ਇਸ ਨਾਲ ਕਿਸਾਨਾਂ ਨੂੰ ਕੋਈ ਮੁਨਾਫਾ ਨਹੀਂ ਹੋਵੇਗਾ।
ਕਿਸਾਨਾਂ ਨੇ ਕੇਂਦਰ ਸਰਕਾਰ ਤੋਂ ਇਨ੍ਹਾਂ ਖੇਤੀ ਆਰਡੀਨੈਂਸਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਿਸਾਨ ਮਾਰੂ ਨੀਤੀਆਂ ਦੇ ਕਾਰਨ ਉਹ ਸੜਕਾਂ 'ਤੇ ਉੱਤਰ ਕੇ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਇਨ੍ਹਾਂ ਖੇਤੀ ਆਰਡੀਨੈਂਸਾਂ ਨੂੰ ਵਾਪਸ ਨਹੀਂ ਲੈਂਦੀ ਤਾਂ ਇਸ ਦੇ ਖਿਲਾਫ ਸੰਘਰਸ਼ ਹੋਰ ਤੇਜ਼ ਕਰ ਦਿੱਤਾ ਜਾਵੇਗਾ। ਪੰਜਾਬ ਦੇ ਕਿਸਾਨ ਇਨ੍ਹਾਂ ਖੇਤੀ ਆਰਡੀਨੈਂਸਾਂ ਨੂੰ ਸੂਬੇ 'ਚ ਕਿਸੇ ਵੀ ਤਰ੍ਹਾਂ ਲਾਗੂ ਨਹੀਂ ਹੋਣ ਦੇਣਗੇ। ਇਸ ਦੇ ਲਈ ਲਗਾਤਾਰ ਸੰਘਰਸ਼ ਜਾਰੀ ਰਹੇਗਾ।