ਹੁਸ਼ਿਆਰਪੁਰ: ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਨੂੰ ਲੈ ਕੇ ਵਿਵਾਦਾਂ ਵਿੱਚ ਘਿਰੇ ਬਾਦਲ ਪਰਿਵਾਰ ਦੀਆਂ ਮੁਸ਼ਕਿਲਾਂ ਵੱਧਦੀਆਂ ਹੀ ਦਿਖਾਈ ਦੇ ਰਹੀਆਂ ਹਨ। ਇਸੇ ਮਾਮਲੇ ਨੂੰ ਲੈ ਕੇ ਅੱਜ ਇੱਕ ਵਾਰ ਫਿਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੁਸ਼ਿਆਰਪੁਰ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਣ ਲਈ ਪਹੁੰਚੇ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਮਾਮਲਾ ਮਾਣਯੋਗ ਕੋਰਟ ਵਿੱਚ ਚੱਲ ਰਿਹਾ ਹੈ, ਇਸ ਲਈ ਉਹ ਇਸ ਉਤੇ ਕਿਸੇ ਵੀ ਤਰ੍ਹਾਂ ਦੀ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ। ਪੰਜਾਬ ਦੇ ਹਾਲਾਤਾਂ ਉੱਤੇ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਹਰ ਇੱਕ ਧਰਮ ਦਾ ਸਨਮਾਨ ਕਰਦਾ ਚਾਹੀਦਾ ਹੈ, ਤੇ ਬੀਤੇ ਦਿਨੀਂ ਤਰਨਤਾਰਨ ਵਿੱਚ ਜੋ ਕੁਝ ਵਾਪਰਿਆ ਉਹ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਵਿੱਚੋਂ ਪਰਿਵਾਰਵਾਦ ਦਾ ਖਾਤਮਾ ਕਰਨ ਦਾ ਜੋ ਐਲਾਨ ਕੀਤਾ ਗਿਆ ਹੈ, ਉਸ ਨਾਲ ਪਾਰਟੀ ਪੰਜਾਬ ਵਿੱਚ ਜ਼ਰੂਰ ਉਭਰੇਗੀ।
ਦੂਜੇ ਪਾਸੇ ਪਟੀਸ਼ਨ ਕਰਤਾ ਬਲਵੰਤ ਸਿੰਘ ਖੇੜਾ ਨੇ ਕਿਹਾ ਕਿ ਉਨ੍ਹਾਂ ਨੂੰ ਅਦਾਲਤ ਉੱਤੇ ਪੂਰਾ ਭਰੋਸਾ ਹੈ। ਉਹਨਾਂ ਨੇ ਕਿਹਾ ਕਿ ਮਾਣਯੋਗ ਅਦਾਲਤ ਦੋਹਰੇ ਸੰਵਿਧਾਨ ਨੂੰ ਲੈ ਕੇ ਬਾਦਲਾਂ ਵੱਲੋਂ ਕੀਤੀ ਗਈ ਧੋਖਾਧੜੀ ਉੱਤੇ ਉਨ੍ਹਾਂ ਨੂੰ ਜ਼ਰੂਰ ਸਜ਼ਾ ਦੇਵੇਗੀ ਤੇ ਇਹ ਸਾਰੇ ਲਾਲੂ ਅਤੇ ਚੌਟਾਲਿਆਂ ਵਾਂਗ ਜੇਲ੍ਹ ਵੀ ਜਾਣਗੇ।