ਜਲੰਧਰ : ਸ਼ਹਿਰ ਦੇ ਜਲੰਧਰ-ਅੰਮ੍ਰਿਤਸਰ ਹਾਈਵੇਅ ਉੱਤੇ ਇੱਕ ਸੜਕ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।
ਜਾਣਕਾਰੀ ਮੁਤਾਬਕ ਅੰਮ੍ਰਿਤਸਰ ਹਾਈਵੇਅ 'ਤੇ ਸਥਿਤ ਗੁਰੂ ਗੋਬਿੰਦ ਸਿੰਘ ਐਵਨਿਊ ਨੇੜੇ ਇੱਕ ਅਣਪਛਾਤੇ ਵਾਹਨ ਨਾਲ ਟੱਕਰ ਹੋਣ ਕਾਰਨ ਇੱਕ ਆਟੋ ਚਾਲਕ ਦੀ ਮੌਤ ਹੋ ਗਈ। ਟੱਕਰ ਹੋਣ ਤੋਂ ਬਾਅਦ ਆਟੋ ਪਲਟ ਕੇ ਹਾਈਵੇਅ 'ਤੇ ਸੜਕ ਦੇ ਦੂਜੇ ਪਾਸੇ ਜਾ ਡਿੱਗਾ। ਇਸ ਹਾਦਸੇ ਵਿੱਚ ਆਟੋ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਸੂਚਨਾ ਮਿਲਣ ਤੇ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਪੁਲਿਸ ਮੁਤਾਬਕ ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਵੱਲੋਂ ਅਣਪਛਾਤੇ ਵਾਹਨ ਚਾਲਕ ਉੱਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮ੍ਰਿਤਕ ਦੀ ਪਛਾਣ ਕੀਤੀ ਜਾ ਰਹੀ ਹੈ।