ਜਲੰਧਰ: ਖੇਤੀ ਆਰਡੀਨੈਂਸਾਂ ਨੂੰ ਲੈ ਕੇ ਪੰਜਾਬ ਬੰਦ ਨੂੰ ਸੂਬੇ ਵਿੱਚ ਕਿਸਾਨ, ਮਜ਼ਦੂਰ, ਵਪਾਰੀਆਂ ਅਤੇ ਆਮ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ। ਜਲੰਧਰ ਵਿੱਚ ਵੀ ਇਸੇ ਤਰ੍ਹਾਂ ਪੀਏਪੀ ਚੌਂਕ ਵਿੱਚ ਕਿਸਾਨਾਂ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੌਰਾਨ ਧਰਨਾ ਦਿੱਤਾ ਜਾ ਰਿਹਾ ਸੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਪਹੁੰਚੇ ਤਾਂ ਉੱਥੇ ਮੌਜੂਦ ਲੋਕਾਂ ਨੇ ਉਨ੍ਹਾਂ ਦਾ ਵਿਰੋਧ ਕਰ ਦਿੱਤਾ। ਕਿਸਾਨਾਂ ਦੇ ਵਿਰੋਧ ਨੂੰ ਵੇਖਦੇ ਹੋਏ ਮੱਕੜ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਧਰਨੇ ਵਾਲੀ ਥਾਂ ਤੋਂ ਜਾਣਾ ਪਿਆ।
ਮੱਕੜ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਵੇਖਦੇ ਹੋਏ ਹੀ ਕੁਝ ਨੌਜਵਾਨਾਂ ਨੇ ਆਕਲੀ ਦਲ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਕਿਸਾਨਾਂ ਨੇ ਅਕਾਲੀ ਆਗੂਆਂ ਨੂੰ ਭਾਜਪਾ ਤੇ ਮੋਦੀ ਦੇ ਭਾਈਵਾਲ ਦੱਸਿਆ। ਵਿਰੋਧ ਨੂੰ ਵੱਧ ਦਾ ਵੇਖ ਅਕਾਲੀ ਆਗੂ ਅਤੇ ਉਨ੍ਹਾਂ ਦੇ ਸਾਥੀਆਂ ਧਰਨੇ ਵਿੱਚੋਂ ਬਾਹਰ ਨਿਕਲ ਗਏ।
ਇਸ ਮੌਕੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਨੇ ਕਿਹਾ ਕਿ ਕਿਸਾਨਾਂ ਨੇ ਉਨ੍ਹਾਂ ਵਿਰੋਧ ਨਹੀਂ ਕੀਤਾ। ਉਨ੍ਹਾਂ ਕਿਹਾ ਉਨ੍ਹਾਂ ਨੂੰ ਇੱਥੇ ਸੱਦਿਆ ਗਿਆ ਸੀ। ਉਨ੍ਹਾਂ ਕਿਹਾ ਅਕਾਲੀ ਦਲ ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਆਪਣਾ ਸੰਘਰਸ਼ ਜਾਰੀ ਰੱਖੇਗਾ।