ਜਲੰਧਰ: ਕੋਰੋਨਾ ਵਾਇਰਸ ਵਿਰੁੱਧ ਜੰਗ ਵਿੱਚ ਮੂਹਰਲੀ ਕਤਾਰ ਵਿੱਚ ਲੜ ਰਹੇ ਸਫਾਈ ਕਰਮੀ ਇਸ ਔਖੀ ਘੜੀ ਵਿੱਚ ਬਹੁਤ ਹੀ ਅਹਿਮ ਭੂਮੀਕਾ ਨਿਭਾ ਰਹੇ ਹਨ। ਦੂਜੇ ਪਾਸੇ ਇਨ੍ਹਾਂ ਕਰਮੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਪ੍ਰਸ਼ਾਸਨ ਦੇ ਦਾਅਵੇ ਜ਼ਮੀਨੀ ਪੱਧਰ 'ਤੇ ਖੋਖਲੇ ਨਜ਼ਰ ਆ ਰਹੇ ਹਨ।
ਪ੍ਰਸ਼ਾਸਨ ਦੇ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹਦਾ ਅਜਿਹਾ ਹੀ ਇੱਕ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ, ਜਿੱਥੇ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੂੰ ਸੈਨੇਟਾਈਜ਼ਰ ਦੀ ਥਾਂ ਉਹ ਸਾਬਣ ਦਿੱਤੇ ਗਏ ਜਿਨ੍ਹਾਂ ਦੀ ਐਕਸਪਾਈਰੀ ਡੇਟ ਬੀਤ ਚੁੱਕੀ ਹੈ। ਇਸ ਮੌਕੇ ਸਫਾਈ ਕਰਮੀਆਂ ਨੇ ਅਧਿਕਾਰੀਆਂ 'ਤੇ ਦੋਸ਼ ਲਗਾਏ ਕਿ ਅਫ਼ਸਰਾਂ ਵੱਲੋਂ ਉਨ੍ਹਾਂ ਨਾਲ ਵਿਤਕਰਾ ਕੀਤਾ ਜਾਂਦਾ ਹੈ।
ਇਸ ਸਬੰਧੀ ਜਦੋਂ ਜੇਈ ਤੋਂ ਸਵਾਲ ਪੁੱਛੇ ਗਏ ਤਾਂ ਉਨ੍ਹਾਂ ਨੇ ਕਿਹਾ ਕਿ ਜਦੋਂ ਉਨ੍ਹਾਂ ਦੇ ਕੋਲ ਸਾਬਣ ਆਏ ਸੀ ਤਾਂ ਉਨ੍ਹਾਂ ਨੇ ਇਹ ਸਾਬਣ ਸਫਾਈ ਕਰਮਚਾਰੀਆਂ ਨੂੰ ਵੰਡ ਦਿੱਤੇ ਸਨ ਪਰ ਡੇਟ ਨਹੀਂ ਚੈੱਕ ਕੀਤੀ ਗਈ ਸੀ। ਜਦੋਂ ਉਨ੍ਹਾਂ ਤੋਂ ਇੰਨੇ ਪੁਰਾਣੇ ਸਟਾਕ ਦੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਆਪਣਾ ਪੱਲਾ ਝਾੜਦੇ ਹੋਏ ਕਿਹਾ ਕਿ ਇਹ ਮਾਮਲਾ ਉੱਚ ਆਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ।