ਜਲੰਧਰ: ਸ਼ਹਿਰ ਦੇ ਨਕੋਦਰ ਚੌਕ ਨੇੜੇ ਸਥਿਤ ਨਿੱਜੀ ਹਸਪਤਾਲ ਵਿਖੇ ਇਲਾਜ ਦੌਰਾਨ ਇੱਕ ਬੱਚੇ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਰਿਵਾਰ ਨੇ ਡਾਕਟਰਾਂ ਉੱਤੇ ਇਲਾਜ ਦੇ ਦੌਰਾਨ ਲਾਪਰਵਾਹੀ ਕੀਤੇ ਜਾਣ ਦੇ ਦੋਸ਼ ਲਾਏ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਮ੍ਰਿਤਕ ਬੱਚੇ ਦੀ ਪਛਾਣ 13 ਸਾਲਾ ਅਰਜੁਨ ਵਸਨੀਕ ਮਖ਼ਦੂਮਪੁਰਾ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਅਰਜੁਨ ਦੀ ਤਬੀਅਤ ਖ਼ਰਾਬ ਹੋਣ ਕਾਰਨ ਉਸ ਨੂੰ ਕੁੱਝ ਦਿਨਾਂ ਤੋਂ ਉਲਟੀਆਂ ਆ ਰਹੀਆਂ ਸੀ। ਇਲਾਜ ਲਈ ਅਰਜੁਨ ਨੂੰ ਨਕੋਦਰ ਚੌਕ ਨੇੜੇ ਸਥਿਤ ਇੱਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ।
ਹਸਪਤਾਲ 'ਚ ਡਾਕਟਰ ਵੱਲੋਂ ਇੰਜੈਕਸ਼ਨ ਲਗਾਉਣ ਤੋਂ ਬਾਅਦ ਉਹ ਘਬਰਾਹਟ ਮਹਿਸੂਸ ਕਰਨ ਲੱਗਾ ਤੇ ਉਸ ਦੀ ਸਿਹਤ ਹੋਰ ਵਿਗੜ ਗਈ। ਡਾਕਟਰਾਂ ਨੇ ਉਸ ਨੂੰ ਵੈਂਟੀਲੇਟਰ 'ਤੇ ਰੱਖਿਆ ਅਤੇ ਕੁੱਝ ਸਮੇਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕ ਦੇ ਪਿਤਾ ਦਾ ਦੋਸ਼ ਹੈ ਕਿ ਇੰਜੈਕਸ਼ਨ ਲਾਉਣ ਵਾਲਾ ਡਾਕਟਰ ਰਾਤ ਸਮੇਂ ਸ਼ਰਾਬ ਦੇ ਨਸ਼ੇ ਵਿੱਚ ਸੀ ਤੇ ਇਹ ਡਾਕਟਰ ਇਸ ਨਿੱਜੀ ਹਸਪਤਾਲ ਦਾ ਮਾਲਿਕ ਵੀ ਹੈ। ਉਨ੍ਹਾਂ ਲਾਪਰਵਾਹੀ ਕੀਤੇ ਜਾਣ ਦਾ ਦੋਸ਼ ਲਾਉਂਦੇ ਹੋਏ ਉਕਤ ਡਾਕਟਰ ਦੇ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਦੂਜੇ ਪਾਸੇ ਇਸ ਮਾਮਲੇ 'ਚ ਆਪਣੀ ਸਫ਼ਾਈ ਪੇਸ਼ ਕਰਦਿਆਂ ਡਾਕਟਰ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰ ਉਸ ਨੂੰ ਤਿੰਨ ਦਿਨ ਪਹਿਲਾਂ ਹੀ ਹਸਪਤਾਲ ਲੈ ਕੇ ਆਏ ਸਨ। ਬੱਚੇ ਦੀ ਹਾਲਤ ਵਿੱਚ ਸੁਧਾਰ ਹੋ ਗਿਆ ਸੀ, ਪਰ ਅਚਾਨਕ ਦੇਰ ਰਾਤ ਉਸ ਦੀ ਤਬੀਅਤ ਵਿਗੜ ਗਈ ਤੇ ਸੈੱਲ ਘੱਟ ਜਾਣ ਕਾਰਨ ਬੱਚੇ ਦੀ ਮੌਤ ਹੋ ਗਈ।
ਇਸ ਮੌਕੇ ਪੁਜੇ ਪੁਲਿਸ ਅਧਿਕਾਰੀ ਹਰਵਿੰਦਰ ਸਿੰਘ ਭੱਲਾ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਰਿਪੋਰਟ ਸਿਵਲ ਸਰਜਨ ਨੂੰ ਭੇਜ ਦਿੱਤੀ ਗਈ ਹੈ। ਪੁਲਿਸ ਵੱਲੋਂ ਅਗਲੀ ਕਾਰਵਾਈ ਸਿਵਲ ਸਰਜਨ ਵੱਲੋਂ ਤਿਆਰ ਕੀਤੀ ਗਈ ਜਾਂਚ ਕਮੇਟੀ ਦੀ ਰਿਪੋਰਟ ਤੋਂ ਬਾਅਦ ਹੀ ਕੀਤੀ ਜਾਵੇਗੀ।