ਜਲੰਧਰ: ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ ਵੱਲੋਂ ਸ਼ਹਿਰ 'ਚ 72 ਵਾਂ ਪਿਮਾਕੌਨ ਸਮਾਗਮ ਕਰਵਾਇਆ ਗਿਆ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਇਸ ਸਮਾਗਮ 'ਚ ਹਿੱਸਾ ਲੈਣ ਪੁੱਜੇ।
ਇਸ ਸਮਾਗਮ ਦੇ ਦੌਰਾਨ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਆਈਐਮਏ ਦੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਗਈ। ਡਾਕਟਰ ਨਵਜੋਤ ਸਿੰਘ ਦਹੀਆ ਨੂੰ ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ ਦਾ ਨਵਾਂ ਪ੍ਰਧਾਨ ਚੁਣਿਆ ਗਿਆ। ਸਮਾਗਮ ਦੌਰਾਨ ਲੋਕਾਂ ਨੂੰ ਚੰਗੀ ਸਿਹਤ ਸਹੂਲਤਾਂ ਦੇਣ ਵਾਲੇ ਡਾਕਟਰਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਲਈ ਸੂਬਾ ਸਰਕਾਰ ਕਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ 'ਚ ਡਾਕਟਰਾਂ ਦੀ ਭਾਰੀ ਕਮੀ ਹੈ, ਜਿਸ ਨੂੰ ਵੇਖਦੇ ਹੋਏ ਰਿਟਾਇਰਡ ਡਾਕਟਰਾਂ ਨੂੰ ਵੀ ਮੁੜ ਜੁਆਇਨ ਕਰਨ ਦਾ ਸੱਦਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਬਲਬੀਰ ਸਿੱਧੂ ਨੇ ਸਾਬਕਾ ਮੰਤਰੀ ਵਿਜੇ ਸਾਂਪਲਾ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੂਬੇ 'ਚ ਸੀਏਏ ਲਾਗੂ ਕਰਨ ਦੀ ਚੁਣੌਤੀ 'ਤੇ ਬੋਲਦਿਆਂ ਕਿਹਾ ਕਿ ਮੌਜੂਦਾ ਸਮੇਂ 'ਚ ਸਾਂਪਲਾ ਕੋਲ ਕੋਈ ਅਹੁਦਾ ਨਹੀਂ ਹੈ ਅਤੇ ਇਸ ਲਈ ਉਹ ਸਾਨੂੰ ਇਸ ਦੇ ਲਈ ਚੁਣੌਤੀ ਨਹੀਂ ਦੇ ਸਕਦੇ। ਅਸੀਂ ਸੂਬੇ 'ਚ ਨਾਗਰਿਕਤਾ ਸੋਧ ਕਾਨੂੰਨ ਲਾਗੂ ਨਹੀਂ ਹੋਣ ਦੇਵਾਂਗੇ।