ਜਲੰਧਰ: ਦਿੱਲੀ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਮੰਦਰ ਨੂੰ ਤੋੜਨ ਨੂੰ ਲੈ ਕੇ ਰਵਿਦਾਸ ਸਮਾਜ ਵੱਲੋਂ ਮੰਗਲਵਾਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਜਲੰਧਰ, ਫ਼ਿਰੋਜ਼ਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਬੰਦ ਨੂੰ ਲੈ ਕੇ ਸਮਾਜ ਦੇ ਲੋਕਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਜਲੰਧਰ ਵਿਖੇ ਮੀਂਹ ਦੇ ਬਾਵਜੂਦ ਸਮਾਜ ਦੇ ਲੋਕਾਂ ਵੱਲੋਂ ਜਲੰਧਰ ਦੇ ਹਰ ਰਸਤੇ ਨੂੰ ਬੰਦ ਕਰ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਕਈ ਜਗ੍ਹਾ 'ਤੇ ਟੈਂਟ ਲੱਗਾ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਰਵਿਦਾਸ ਭਾਈਚਾਰੇ ਨਾਲ ਸਬੰਧਿਤ ਲੋਕ ਦਿੱਲੀ ਵਿੱਚ ਹੋਈ ਕਾਰਵਾਈ ਦਾ ਵਿਰੋਧ ਕਰ ਰਹੇ ਹਨ ਅਤੇ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਦੀ ਨਿਖੇਧੀ ਕਰ ਰਹੇ ਹਨ।
ਪੰਜਾਬ ਬੰਦ ਨੂੰ ਲੈ ਕੇ ਸੂਬੇ ਭਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। 5 ਹਜ਼ਾਰ ਦੇ ਕਰੀਬ ਸੁਰੱਖਿਆ ਮੁਲਾਜ਼ਮ ਵੱਖ-ਵੱਖ ਬਟਾਲੀਅਨਾਂ ਅਤੇ ਵਿੰਗਾਂ ਵਿੱਚੋਂ ਬੁਲਾ ਕੇ ਫੀਲਡ ਵਿੱਚ ਤਾਇਨਾਤ ਕਰ ਦਿੱਤੇ ਗਏ ਹਨ। ਬੰਦ ਦੇ ਮੱਦੇਨਜ਼ਰ ਜਲੰਧਰ, ਕਪੂਰਥਲਾ, ਫਗਵਾੜਾ, ਹੁਸ਼ਿਆਰਪੁਰ, ਨਵਾਂਸ਼ਹਿਰ, ਅੰਮ੍ਰਿਤਸਰ ਅਤੇ ਲੁਧਿਆਣਾ ਜ਼ਿਲ੍ਹਿਆਂ 'ਚ ਵਿਸ਼ੇਸ਼ ਤੌਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਨ੍ਹਾਂ ਜ਼ਿਲ੍ਹਿਆਂ ਵਿਚ ਵਾਧੂ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਦਿੱਲੀ ਦੇ ਤੁਗਲਕਾਬਾਦ ਪਿੰਡ ਵਿੱਚ ਸੁਪਰੀਮ ਕੋਰਟ ਦੇ ਹੁਕਮ ਤਹਿਤ ਸ੍ਰੀ ਗੁਰੂ ਰਵੀਦਾਸ ਦੇ ਮੰਦਿਰ ਨੂੰ ਤੋੜਿਆ ਗਿਆ ਹੈ, ਜਿਸ ਤੋਂ ਬਾਅਦ ਪੰਜਾਬ 'ਚ ਲੋਕ ਰੋਸ ਵਜੋਂ ਸੜਕਾਂ ਦੇ ਉਤਰ ਆਏ ਹਨ ਅਤੇ ਮੰਦਿਰ ਦੀ ਮੁੜ ਉਸਾਰੀ ਕਰਵਾਉਣ ਦੀ ਮੰਗ ਕਰ ਰਹੇ ਹਨ। ਇਸ ਬੰਦ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੱਲ੍ਹ ਹੀ ਸਾਰੇ ਸਕੂਲ ਅਤੇ ਕਾਲਜਾਂ ਨੂੰ ਬੰਦ ਕਰਨ ਦੇ ਹੁਕਮ ਦੇ ਦਿੱਤੇ ਗਏ ਸਨ।