ਜਲੰਧਰ: ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਨੈਸ਼ਨਲ ਹੈਰਾਲਡ ਮਾਮਲੇ ’ਚ ਈਡੀ ਸਾਹਮਣੇ ਪੇਸ਼ੀ ਚੱਲ ਰਹੀ ਹੈ। ਜਿਸ ਦੇ ਚੱਲਦੇ ਕਾਂਗਰਸ ਪਾਰਟੀ ਸਮਰਥਕ ਵੱਲੋਂ ਵੱਖ ਵੱਖ ਥਾਵਾਂ ’ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਲੰਧਰ ’ਚ ਕਾਂਗਰਸ ਪਾਰਟੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਈਡੀ ਦਫਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਪਹੁੰਚੇ ਹਨ। ਇਸ ਮੌਕੇ ਕਾਂਗਰਸੀ ਆਗੂ ਬਲਰਾਜ ਠਾਕੁਰ ਨੇ ਕਿਹਾ ਕਿ ਸਰਕਾਰ ਆਪਣੀਆਂ ਏਜੰਸੀਆਂ ਦਾ ਗਲਤ ਇਸਤੇਮਾਲ ਕਰਕੇ ਵਿਰੋਧੀ ਪਾਰਟੀ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਏਜੰਸੀਆਂ ਨੂੰ ਆਪਣਾ ਕੰਮ ਕਰਨ ਦੇਣਾ ਚਾਹੀਦਾ ਹੈ, ਪਰ ਸਰਕਾਰ ਇਸਦਾ ਗਲਤ ਇਸਤੇਮਾਲ ਕਰ ਰਹੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੂੰ ਵਿਕਾਸ ਦੇ ਕੰਮਾਂ ਅਤੇ ਮਹਿੰਗਾਈ, ਬੇਰੁਜ਼ਗਾਰੀ ਦੇ ਕੰਮਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਨੂੰ ਵਿਰੋਧੀ ਪਾਰਟੀ ਨੂੰ ਦਬਾਉਣ ਦੇ ਲਈ ਅਜਿਹੇ ਕੰਮ ਨਹੀਂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਇਹ ਧਰਨਾ ਸ਼ਾਂਤਮਈ ਢੰਗ ਕੀਤਾ ਜਾ ਰਿਹਾ ਹੈ। ਪੂਰੇ ਦੇਸ਼ ਭਰ ’ਚ ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਨੈਸ਼ਨਲ ਹੈਰਾਲਡ ਮਾਮਲਾ ਕਦੋਂ ਸੁਰਖੀਆਂ ਵਿੱਚ ਆਇਆ : ਨੈਸ਼ਨਲ ਹੈਰਾਲਡ ਮਾਮਲਾ 2012 ਵਿੱਚ ਸੁਰਖੀਆਂ ਵਿੱਚ ਆਇਆ ਸੀ। ਉਦੋਂ ਭਾਜਪਾ ਆਗੂ ਸੁਬਰਾਮਨੀਅਮ ਸਵਾਮੀ ਨੇ ਹੇਠਲੀ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਦੋਸ਼ ਲਾਇਆ ਸੀ ਕਿ ਕੁਝ ਕਾਂਗਰਸੀ ਆਗੂਆਂ ਨੇ ਯੰਗ ਇੰਡੀਅਨ ਲਿਮਟਿਡ (ਵਾਈਆਈਐਲ) ਰਾਹੀਂ ਐਸੋਸੀਏਟਿਡ ਜਰਨਲਜ਼ ਲਿਮਟਿਡ ਨੂੰ ਗਲਤ ਤਰੀਕੇ ਨਾਲ ਹਾਸਲ ਕੀਤਾ ਹੈ। ਸਵਾਮੀ ਨੇ ਦੋਸ਼ ਲਾਇਆ ਸੀ ਕਿ ਇਹ ਸਭ ਕੁਝ ਦਿੱਲੀ ਦੇ ਬਹਾਦੁਰ ਸ਼ਾਹ ਜ਼ਫਰ ਮਾਰਗ 'ਤੇ ਸਥਿਤ ਹੇਰਾਲਡ ਹਾਊਸ ਦੀ 2000 ਕਰੋੜ ਰੁਪਏ ਦੀ ਇਮਾਰਤ 'ਤੇ ਕਬਜ਼ਾ ਕਰਨ ਲਈ ਕੀਤਾ ਗਿਆ ਸੀ। ਸਾਜ਼ਿਸ਼ ਤਹਿਤ ਯੰਗ ਇੰਡੀਅਨ ਲਿਮਟਿਡ ਨੂੰ ਟੀਜੇਐਲ ਦੀ ਜਾਇਦਾਦ ਦਾ ਅਧਿਕਾਰ ਦਿੱਤਾ ਗਿਆ ਹੈ।
ਰਾਹੁਲ ਅਤੇ ਸੋਨੀਆ 2015 ਤੋਂ ਜ਼ਮਾਨਤ 'ਤੇ ਬਾਹਰ : 2015 ਵਿੱਚ, ਸੁਪਰੀਮ ਕੋਰਟ ਨੇ ਭਾਜਪਾ ਨੇਤਾ ਸੁਬਰਾਮਣੀਅਮ ਸਵਾਮੀ ਨੂੰ ਮਾਮਲੇ ਦੀ ਛੇਤੀ ਸੁਣਵਾਈ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਲਈ ਕਿਹਾ ਸੀ। 19 ਦਸੰਬਰ 2015 ਨੂੰ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਹੇਠਲੀ ਅਦਾਲਤ ਨੇ ਜ਼ਮਾਨਤ ਦਿੱਤੀ ਸੀ। 2016 ਵਿੱਚ, ਸੁਪਰੀਮ ਕੋਰਟ ਨੇ ਕੇਸ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਸਾਰੇ ਸੋਨੀਆ ਗਾਂਧੀ, ਰਾਹੁਲ ਗਾਂਧੀ, ਮੋਤੀਲਾਲ ਵੋਰਾ, ਆਸਕਰ ਫਰਨਾਂਡੀਜ਼ ਅਤੇ ਸੁਮਨ ਦੂਬੇ ਨੂੰ ਅਦਾਲਤ ਵਿੱਚ ਹਾਜ਼ਰ ਹੋਣ ਤੋਂ ਛੋਟ ਦਿੱਤੀ।
ਇਹ ਵੀ ਪੜੋ: National Herald Case: ਕੁਝ ਦੇਰ 'ਚ ਰਾਹੁਲ ਗਾਂਧੀ ਈਡੀ ਦਫ਼ਤਰ 'ਚ ਹੋਣਗੇ ਪੇਸ਼