ਜਲੰਧਰ: ਨਿੱਜੀ ਸਕੂਲਾਂ ਵੱਲੋਂ ਬੱਚਿਆਂ ਦੇ ਪ੍ਰਤੀ ਸੁਰੱਖਿਆ ਦੇ ਪ੍ਰਬੰਧਾਂ ਪ੍ਰਤੀ ਅਣਗਿਹਲੀ ਵਰਤੀ ਜਾ ਰਹੀ ਹੈ। ਅਜਿਹਾ ਹੀ ਮਾਮਲਾ ਜਲੰਧਰ ਦੇ ਕਸਬਾ ਨਕੋਦਰ ਵਿਖੇ ਸਾਹਮਣੇ ਆਇਆ ਹੈ, ਜਿੱਥੇ ਇੱਕ ਨਿੱਜੀ ਸਕੂਲ ਦੀ ਬੱਸ ਪਲਟ ਜਾਣ ਕਾਰਨ 7 ਬੱਚਿਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।
ਜਾਣਕਾਰੀ ਮੁਤਾਬਕ ਇਹ ਬੱਸ ਦਸੂਹਾ ਤੋਂ ਨਕੋਦਰ ਵਿਖੇ ਸਥਿਤ ਇੱਕ ਨਿੱਜੀ ਸਕੂਲ ਦੇ 7 ਵਿਦਿਆਰਥੀਆਂ ਨੂੰ ਲੈ ਕੇ ਆ ਰਹੀ ਸੀ। ਪਿੰਡ ਚੰਨੀਆਂ ਨੇੜੇ ਤੇਜ਼ ਰਫ਼ਤਾਰ ਕਾਰਨ ਬੱਸ ਪਲਟ ਗਈ। ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਤੇ ਸਥਾਨਕ ਲੋਕਾਂ ਦੀ ਮਦਦ ਨਾਲ ਬੱਚਿਆਂ ਨੂੰ ਹਸਪਤਾਲ ਪਹੁੰਚਾਇਆ ਗਿਆ।
ਇਸ ਬਾਰੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਫ਼ਿਲਹਾਲ ਬੱਚਿਆਂ ਨੂੰ ਹਲਕੀ ਸੱਟਾਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਰਾਹਗੀਰਾਂ ਦੇ ਮੁਤਾਬਕ ਬੱਸ ਦੀ ਰਫ਼ਤਾਰ ਕਾਫ਼ੀ ਤੇਜ਼ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਦੱਸਿਆ ਕਿ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਵੱਲੋਂ ਬੱਸ ਚਾਲਕ ਦੀ ਭਾਲ ਜਾਰੀ ਹੈ ਤੇ ਛੇਤੀ ਹੀ ਉਸ ਨੂੰ ਕਾਬੂ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਜਾਵੇਗੀ।