ਜਲੰਧਰ: 71ਵੇਂ ਗਣਤੰਤਰਤਾ ਦਿਵਸ ਮੌਕੇ ਸ਼ਹਿਰ ਦੇ ਗੁਰੂ ਗੋਬਿੰਦ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ 'ਚ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮਹਿਮਾਨ ਵਜੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਇਸ ਸਮਾਗਮ 'ਚ ਪੰਜਾਬ ਪੁਲਿਸ, ਪੈਰਾ ਮਿਲਟਰੀ ਫ਼ੋਰਸ, ਪੰਜਾਬ ਹੋਮਗਾਰਡ, ਆਰਮੀ ਸਣੇ ਐਨਸੀਸੀ ਤੇ ਐਨਐਸਐਸ ਦੇ ਕੈਡਟਾਂ ਨੇ ਪਰੇਡ 'ਚ ਭਾਗ ਲਿਆ। ਮੁੱਖ ਮਹਿਮਾਨ ਨੇ ਪਰੇਡ ਤੋਂ ਸਲਾਮੀ ਲਈ। ਸ਼ਹਿਰ ਦੇ ਵੱਖ-ਵੱਖ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਪੀਟੀ ਤੇ ਸੱਭਿਆਚਰਕ ਪ੍ਰੋਗਰਾਮ ਤੇ ਝਾਕੀਆਂ ਪੇਸ਼ ਕੀਤੀਆਂ ਗਈਆਂ।
ਇਸ ਮੌਕੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ ਦੇਣ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ। ਉਨ੍ਹਾਂ ਐਨਸੀਆਰ ਤੇ ਨਾਗਰਿਕਤਾ ਸੋਧ ਕਾਨੂੰਨ ਬਾਰੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਨੂੰ ਇਸ ਕਾਨੂੰਨ ਰਾਹੀਂ ਜਾਤ-ਪਾਤ ਦੇ ਅਧਾਰ 'ਤੇ ਵੰਡਣ ਦਾ ਕੰਮ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਇਸ ਨੂੰ ਕਦੇ ਵੀ ਲਾਗੂ ਨਹੀਂ ਕਰੇਗੀ।
ਆਪਣੇ ਸੰਬੋਧਨ ਦੌਰਾਨ ਉਨ੍ਹਾਂ ਸੂਬੇ ਦੇ ਨੌਜਵਾਨਾਂ ਵੱਲੋਂ ਵਿਦੇਸ਼ ਜਾਣ ਦੀ ਦਿਲਚਸਪੀ 'ਤੇ ਚਿੰਤਾ ਪ੍ਰਗਟਾਈ। ਰੰਧਾਵਾ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਤੇ ਲੋਕਾਂ ਨੂੰ ਸੂਬੇ ਦੇ ਵਿਕਾਸ ਲਈ ਸਰਕਾਰ ਨੂੰ ਯੋਗਦਾਨ ਦਿੱਤੇ ਜਾਣ ਦੀ ਗੱਲ ਆਖੀ। ਗਣਤੰਤਰ ਦਿਵਸ ਦੇ ਮੌਕੇ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜੋ ਵਾਅਦਾ ਕੈਪਟਨ ਸਰਕਾਰ ਨੇ ਕੀਤਾ ਉਹ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਵਿਦਿਆਰਥੀਆਂ ਨੂੰ ਜਲਦ ਹੀ ਸਮਾਰਟਫੋਨ ਦਿੱਤੇ ਜਾਣ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਸਮਾਰਟਫੋਨ ਕੁੜੀਆਂ ਨੂੰ ਦਿੱਤੇ ਜਾਣਗੇ , ਉਨ੍ਹਾਂ ਅਗਲੀ ਕੈਬਿਨੇਟ ਮੀਟਿੰਗ 'ਚ ਮੁੜ ਇਸ ਬਾਰੇ ਚਰਚਾ ਕੀਤੇ ਜਾਣ ਦੀ ਗੱਲ ਆਖੀ।