ਲੁਧਿਆਣਾ: ਜ਼ਿਲ੍ਹੇ 'ਚ ਕੋਰੋਨਾ ਦੇ 47 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਚੋਂ 37 ਲੋਕ ਲੁਧਿਆਣਾ ਤੇ 10 ਲੋਕ ਹੋਰਨਾਂ ਸੂਬਿਆਂ ਨਾਲ ਸਬੰਧਤ ਹਨ।ਸਕੂਲ ਅਧਿਆਪਕਾਂ ਸਣੇ ਕੋਰੋਨਾ ਦੇ 47 ਨਵੇਂ ਮਾਮਲੇ ਸਾਹਮਣੇ ਆਉਣ 'ਤੇ ਸਕੂਲ ਜਾਣ ਵਾਲੇ ਵਿਦਿਆਰਥੀਆਂ 'ਤੇ ਖ਼ਤਰਾ ਮੰਡਰਾ ਰਿਹਾ ਹੈ।
ਦੱਸਣਯੋਗ ਹੈ ਕਿ ਸੋਮਵਾਰ ਨੂੰ ਕੋਰੋਨਾ ਵਾਇਰਸ ਕਾਰਨ 5 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਚੋਂ 3 ਲੁਧਿਆਣਾ ਤੇ 2 ਲੋਕ ਜਲੰਧਰ ਦੇ ਵਸਨੀਕ ਸਨ। ਸਰਕਾਰੀ ਸਕੂਲਾਂ ਦੇ ਨਾਲ-ਨਾਲ ਨਿੱਜੀ ਸਕੂਲਾਂ 'ਚ ਵੀ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਜਾਰੀ ਹੈ। ਬੀਤੇ ਦਿਨ ਦਿੱਲੀ ਪਬਲਿਕ ਸਕੂਲ 'ਚ 2 ਵਿਦਿਆਰਥੀ ਤੇ 1ਅਧਿਆਪਕਾ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਇਸ ਤੋਂ ਇਲਾਵਾ ਕੋਟ ਮੰਗਲ ਸਿੰਘ ਸਕੂਲ 'ਚ 3 ਅਧਿਆਪਕ ਤੇ ਉਨ੍ਹਾਂ ਤਿੰਨ ਰਿਸ਼ਤੇਦਾਰ ਵੀ ਕੋਰੋਨਾ ਪੌਜ਼ੀਟਿਵ ਪਾਏ ਗਏ। ਕੋੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਵਜੂਦ ਅਜੇ ਤੱਕ ਪੰਜਾਬ ਸਰਕਾਰ ਵੱਲੋਂ ਸਕੂਲ ਬੰਦ ਕਰਨ ਸਬੰਧੀ ਕੋਈ ਫੈਸਲਾ ਨਹੀਂ ਲਿਆ ਗਿਆ ਹੈ।
ਲੁਧਿਆਣਾ 'ਚ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਮੱਦੇਨਜ਼ਰ ਰੱਖਦਿਆਂ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਸਿੰਘ ਨੇ ਸ਼ਹਿਰ ਦੇ ਸਾਰੇ ਸਕੂਲਾਂ ਵਿੱਚ ਕੋਰੋਨਾ ਤੋਂ ਬਚਾਅ ਸਬੰਧੀ ਨਿਯਮਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਕੂਲਾਂ 'ਚ ਕੋਰੋਨਾ ਪੌਜ਼ੀਟਿਵ ਕੇਸ ਪਾਏ ਗਏ ਹਨ, ਸਿਹਤ ਵਿਭਾਗ ਵੱਲੋਂ ਉਨ੍ਹਾਂ ਸਕੂਲਾਂ 'ਚ ਸੈਂਪਲਿੰਗ ਵਧਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਦਿਆਰਥੀ ਜਾਂ ਅਧਿਆਪਕ ਬਿਮਾਰ ਹੋਵੇ ਜਾਂ ਕੋਰੋਨਾ ਦੇ ਲੱਛਣ ਨਜ਼ਰ ਆਉਣ ਤਾਂ ਉਨ੍ਹਾਂ ਨੂੰ ਤੁਰੰਤ ਇਲਾਜ ਦੀ ਸੁਵਿਧਾ ਦਿੱਤੀ ਜਾਵੇਗੀ। ਉਨ੍ਹਾਂ ਸਕੂਲਾਂ ਕੋਰੋਨਾ ਬਚਾਅ ਦੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ।
ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਸਰਕਾਰ ਵੱਲੋਂ ਸਕੂਲ ਬੰਦ ਕਰਨ ਦੀ ਹਿਦਾਇਤਾਂ ਸਬੰਧੀ ਕੋਈ ਹਦਾਇਤ ਨਹੀਂ ਦਿੱਤੀ ਗਈ, ਇਸ ਲਈ ਫਿਲਹਾਲ ਸਕੂਲ ਖੁੱਲ੍ਹੇ ਰਹਿਣਗੇ। ਉਨ੍ਹਾਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਦੇ ਨਿਯਮ, ਮਾਸਕ ਦੀ ਵਰਤੋਂ ਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਦੀ ਅਪੀਲ ਕੀਤੀ।