ਲੁਧਿਆਣਾ: ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਸੂਬੇ ਭਰ ਵਿੱਚ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਲੁਧਿਆਣਾ ਵਿੱਚ ਵੀ ਆਮ ਆਦਮੀ ਪਾਰਟੀ ਦੀ ਭੁੱਖ ਹੜਤਾਲ ਦੂਜਾ ਦਿਨ ਵੀ ਜਾਰੀ ਰਹੀ ਹੈ। ਜਿਸ 'ਚ ਵਿਸ਼ੇਸ਼ ਤੌਰ 'ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਜਲੰਧਰ ਬਾਈਪਾਸ ਵਿਖੇ ਪਹੁੰਚੇ। ਜਿਥੇ ਉਨ੍ਹਾਂ ਨੇ ਸਾਧੂ ਸਿੰਘ ਧਰਮਸੋਤ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਅਤੇ ਨਾਲ ਹੀ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦੇ ਲੋਕ ਕੈਪਟਨ ਸਰਕਾਰ ਤੋਂ ਦੁਖੀ ਹੋ ਚੁੱਕੇ ਹਨ। ਇਸ ਭੁੱਖ ਹੜਤਾਲ ਦੇ ਪਹਿਲੇ ਦਿਨ ਹਰਪਾਲ ਚੀਮਾ ਵੀ ਪਹੁੰਚੇ ਸੀ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਜੈ ਕਿਸ਼ਨ ਰੋੜੀ ਨੇ ਕਿਹਾ ਕਿ ਪੰਜਾਬ ਦੇ ਲੋਕ ਦੋਵਾਂ ਰਿਵਾਇਤੀ ਪਾਰਟੀਆਂ ਤੋਂ ਦੁਖੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਦਸ ਸਾਲ ਅਕਾਲੀ ਦਲ ਨੂੰ ਅਜ਼ਮਾ ਲਿਆ ਅਤੇ ਪੰਜ ਸਾਲ ਕੈਪਟਨ ਦੀ ਸਰਕਾਰ ਵੀ ਵੇਖ ਲਈ ਹੈ, ਜਿਨ੍ਹਾਂ ਨੇ ਲੋਕਾਂ ਨੂੰ ਕੋਈ ਰਾਹਤ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ, ਜਿਸ 'ਤੇ ਪੰਜਾਬੀਆਂ ਨੂੰ ਭਰੋਸਾ ਹੈ।
ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਮਾਮਲੇ ਵਿੱਚ ਸਾਧੂ ਸਿੰਘ ਧਰਮਸੋਤ ਦੇ ਹੱਥ ਲਿਪਟ ਨੇ ਅਤੇ ਉਨ੍ਹਾਂ 'ਤੇ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਦੋ ਲੱਖ ਤੋਂ ਵੱਧ ਦਲਿਤ ਵਿਦਿਆਰਥੀਆਂ ਦਾ ਹੱਕ ਪੰਜਾਬ ਸਰਕਾਰ ਨੇ ਖੋਹ ਲਿਆ ਹੈ, ਜੋ ਕਿ ਬੇਹੱਦ ਮੰਦਭਾਗੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਇਸ ਪੂਰੇ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਕਸੂਰਵਾਰ ਮੰਤਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਕਾਰਵਾਈ ਨਹੀਂ ਕਰੇਗੀ ਆਮ ਆਦਮੀ ਪਾਰਟੀ ਵੱਲੋਂ ਭੁੱਖ ਹੜਤਾਲ ਜਾਰੀ ਰਹੇਗੀ।
ਇਹ ਵੀ ਪੜ੍ਹੋ:ਪੰਜਾਬ ਕਾਂਗਰਸ ਵਿਵਾਦ: ਕੈਪਟਨ ਅਤੇ ਸਿੱਧੂ ਨੂੰ ਦਿੱਲੀ ਬੁਲਾ ਸਕਦਾ ਹੈ ਪਾਰਟੀ ਹਾਈਕਮਾਨ