ਲੁਧਿਆਣਾ: ਰਾਏਕੋਟ ਦੇ ਪਿੰਡ ਬੁਰਜ ਹਰੀ ਸਿੰਘ ਵਿਖੇ ਸਥਿਤ ਬੀਡੀਪੀਓ ਦਫ਼ਤਰ ਵਿਖੇ ਸਮੂਹ ਸਟਾਫ਼ ਵੱਲੋਂ ਪੰਜਾਬ ਮਨਿਸਟਰੀਅਲ ਕਰਮਚਾਰੀ ਯੂਨੀਅਨ ਅਤੇ ਪੰਚਾਇਤ ਸਕੱਤਰ ਤੇ ਸੰਮਤੀ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਦਿੱਤੇ ਸੱਦੇ 'ਤੇ ਹੜਤਾਲ ਕੀਤੀ ਜਾ ਰਹੀ ਹੈ। ਜਿਸ ਵਿੱਚ ਪੰਚਾਇਤ ਵਿਭਾਗ ਦੇ ਸਮੂਹ ਸਟਾਫ਼ ਵੱਲੋਂ ਸ਼ਮੂਲੀਅਤ ਕਰਦਿਆਂ ਮੁਕੰਮਲ ਕੰਮਕਾਰ ਬੰਦ ਕੀਤਾ ਗਿਆ।
ਇਸ ਮੌਕੇ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਪੇ-ਕਮਿਸ਼ਨ ਪੰਜਾਬ ਖ਼ਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਇਹ ਹੜਤਾਲ ਸਰਕਾਰ ਵੱਲੋਂ ਉਨ੍ਹਾਂ ਦੇ ਭੱਤੇ ਵਧਾਉਣ ਦੀ ਥਾਂ ਘਟਾਉਣ ਸਬੰਧੀ ਦਿੱਤੇ ਫ਼ੈਸਲੇ ਖ਼ਿਲਾਫ਼ ਕੀਤੀ ਜਾ ਰਹੀ ਹੈ।
ਉਨ੍ਹਾਂ ਦਾ ਕਹਿਣਾ ਕਿ ਇਹ ਹੜਤਾਲ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਅਜੈਬ ਸਿੰਘ ਗਿੱਲ ਦੀ ਪੇ ਕਮਿਸ਼ਨ ਵਾਲੀ ਰਿਪੋਰਟ ਨੂੰ ਹੂਬਹੂ ਲਾਗੂ ਕਰਨ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਪੰਜਾਬ ਸਰਕਾਰ ਵਿਧਾਨ ਸਭਾ ਚੋਣਾਂ ਵਿੱਚ ਕੀਤੇ ਵਾਅਦੇ ਤੋਂ ਮੁੱਕਰ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਪੱਧਰੀ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਮੁਤਾਬਿਕ ਹੀ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਗੱਲਬਾਤ ਕਰਦਿਆਂ ਦਰਜਾ ਚਾਰ ਮੁਲਾਜ਼ਮ ਕੁਲਵੰਤ ਕੌਰ ਨੇ ਦੱਸਿਆ ਕਿ ਉਹ ਪਿਛਲੇ ਤੇਰਾਂ ਸਾਲਾਂ ਤੋਂ ਪੰਚਾਇਤ ਸੰਮਤੀ ਰਾਏਕੋਟ ਵਿਖੇ ਕੰਮ ਕਰ ਰਹੀ ਹੈ, ਪ੍ਰੰਤੂ ਉਸ ਨੂੰ ਅਜੇ ਤੱਕ ਪੱਕਾ ਨਹੀਂ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਕਿ ਯੂਨੀਅਨ ਵੱਲੋਂ ਵੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਕਈ ਵਾਰ ਪੰਜਾਬ ਸਰਕਾਰ ਅਤੇ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤੇ ਗਏ, ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ।
ਇਹ ਵੀ ਪੜ੍ਹੋ:ਬਿਜਲੀ ਸੰਕਟ ਦੇ ਮੁੱਦੇ ਤੇ ਭਲਕੇ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰੇਗੀ 'ਆਪ'