ਲੁਧਿਆਣਾ: ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ ਅੰਦਰ ਵਿਰੋਧ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਇਸ ਰੋਹ ਵਿੱਚ ਸਾਰੀਆਂ ਹੀ ਸਿਆਸੀ ਪਾਰਟੀਆਂ ਵੀ ਸ਼ਾਮਲ ਹਨ। ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਇਨ੍ਹਾਂ ਬਿੱਲਾਂ ਖ਼ਿਲਾਫ਼ ਸੰਸਦ ਵਿੱਚ ਵੀ ਤਿੱਖੇ ਤੇਵਰ ਵਿਖਾ ਚੁੱਕੇ ਹਨ। ਹੁਣ ਬਿੱਟੂ ਨੇ ਪੰਜਾਬ ਦੇ ਆੜ੍ਹਤੀਆਂ ਅਤੇ ਲੋਕਾਂ ਨੂੰ ਵਿਸ਼ੇਸ਼ ਅਪੀਲ ਕੀਤੀ ਹੈ ਅਤੇ ਨਾਲ ਹੀ ਹਰਿਆਣਾ ਸਰਕਾਰ ਨੂੰ ਵੀ ਚੇਤਾਵਨੀ ਦਿੱਤੀ ਹੈ।
ਰਵਨੀਤ ਬਿੱਟੂ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਇੱਕ ਸੁਨੇਹਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਆੜ੍ਹਤੀਆਂ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦਾ ਸਾਥ ਦੇਣ ਅਤੇ ਕਿਸਾਨਾਂ ਨੂੰ ਧਰਨੇ ਲਾਉਣ ਲਈ ਜੋ ਆਰਥਿਕ ਮਦਦ ਦੀ ਲੋੜ ਹੈ, ਉਹ ਮੁਹੱਈਆ ਕਰਵਾਈ ਜਾਵੇ।
ਬਿੱਟੂ ਨੇ ਕਿਹਾ ਕਿ ਹਰਿਆਣੇ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਵੱਲ ਨਹੀਂ ਜਾਣ ਦੇ ਰਹੇ। ਉਨ੍ਹਾਂ ਸਾਫ਼ ਕਿਹਾ ਕਿ ਜੇਕਰ ਹਰਿਆਣਾ ਸਰਕਾਰ ਅਜਿਹਾ ਕਰੇਗੀ ਤਾਂ ਉਨ੍ਹਾਂ ਨੂੰ ਚੰਡੀਗੜ੍ਹ ਨਹੀਂ ਵੜ੍ਹਨ ਦਿੱਤਾ ਜਾਵੇਗਾ। ਬਿੱਟੂ ਨੇ ਕਿਹਾ ਕਿ ਮੇਰੇ ਹਲਕੇ ਦੇ ਵਿੱਚ ਅਡਾਨੀ ਅਤੇ ਅੰਬਾਨੀ ਦੇ 2 ਵੱਡੇ ਗੋਦਾਮ ਬਣ ਰਹੇ ਹਨ। ਜਿਨ੍ਹਾਂ ਨੂੰ ਉਹ ਕਿਸੇ ਕੀਮਤ 'ਤੇ ਨਹੀਂ ਚੱਲਣ ਦੇਣਗੇ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਦਿੱਲੀ ਦਾ ਘਿਰਾਓ ਕੀਤਾ ਜਾਵੇ, ਸਿਆਸਤ ਤੋਂ ਉੱਤੇ ਉੱਠ ਕੇ ਕਿਸਾਨੀ ਦਾ ਸਾਥ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਹੁਣ ਮਦਦ ਕਰਨਾ ਬੰਦ ਕਰੇ।
ਰਵਨੀਤ ਬਿੱਟੂ ਨੇ ਕਿਹਾ ਕਿ ਮੇਰੇ ਹਲਕੇ ਵਿੱਚ ਅਡਾਨੀ ਅਤੇ ਅੰਬਾਨੀ ਵੱਲੋਂ 2 ਵੱਡੇ ਗੁਦਾਮ ਬਣਾਏ ਜਾ ਰਹੇ ਹਨ। ਉਨ੍ਹਾਂ ਸਾਫ਼ ਕਿਹਾ ਕਿ ਹਰਿਆਣੇ ਵਾਲੇ ਵੀ ਪੰਜਾਬ ਦੇ ਕਿਸਾਨਾਂ ਦਾ ਸਾਥ ਦੇਣ, ਜੇਕਰ ਅਜਿਹਾ ਨਹੀਂ ਕੀਤਾ ਤਾਂ ਹਰਿਆਣਾ ਦੇ ਮੰਤਰੀਆਂ ਨੂੰ ਚੰਡੀਗੜ੍ਹ ਵੜ੍ਹਨ ਨਹੀਂ ਦਿੱਤਾ ਜਾਵੇਗਾ।