ਲੁਧਿਆਣਾ: 12 ਅਕਤੂਬਰ ਨੂੰ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਹੋਏ ਕਥਿਤ ਹਮਲੇ ਨੂੰ ਲੈ ਕੇ ਭਾਜਪਾ ਨੇ ਸੂਬੇ ਭਰ ਵਿੱਚ ਡੀਸੀ ਦਫ਼ਤਰਾਂ 'ਤੇ ਰੋਸ ਮੁਜ਼ਾਹਰੇ ਕੀਤੇ। ਇਸੇ ਤਹਿਤ ਭਾਜਪਾ ਦੇ ਵਰਕਰਾਂ ਨੇ ਲੁਧਿਆਣਾ ਦੇ ਡੀਸੀ ਦਫ਼ਤਰ ਦੇ ਬਾਹਰ ਵੀ ਰੋਸ ਪ੍ਰਦਰਸ਼ਨ ਕੀਤਾ। ਭਾਜਪਾ ਆਗੂਆਂ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਪੰਜਾਬ ਭਾਜਪਾ ਦੇ ਬੁਲਾਰੇ ਅਨਿਲ ਸਰੀਨ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਹੋਏ ਹਮਲੇ ਨੂੰ ਲੈ ਕੇ ਕਾਨੂੰਨ ਵਿਵਸਥਾ 'ਤੇ ਸਵਾਲ ਖੜੇ ਕੀਤੇ। ਉਨ੍ਹਾਂ ਨੇ ਕਿਹਾ ਕਿ ਇਹ ਹਮਲਾ ਕਿਸਾਨਾਂ ਨੇ ਨਹੀਂ ਸਗੋਂ ਕਾਂਗਰਸ ਦੀ ਸਾਜਿਸ਼ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਹਮਲੇ ਨੂੰ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਿੱਚ ਸਿੱਧੇ ਤੌਰ 'ਤੇ ਸਿਆਸੀ ਪਾਰਟੀਆਂ ਸ਼ਾਮਲ ਹਨ।
ਭਾਜਪਾ ਦੇ ਆਗੂ ਜੀਵਨ ਗੁਪਤਾ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕਾਂਗਰਸ ਸਾਜਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਭ ਸਿਆਸੀ ਸ਼ੈਅ ਦੇ ਤਹਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਲੁਧਿਆਣਾ ਦਫਤਰ 'ਤੇ ਹਮਲਾ ਹੋਇਆ ਸੀ ਉਹ ਵੀ ਯੂਥ ਕਾਂਗਰਸ ਵੱਲੋਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਵਿੱਚ ਪਹਿਲਾਂ ਹੀ ਬਹਿਰੂਪੀਏ ਸਨ ਜਿਨ੍ਹਾਂ ਨੇ ਇਸ ਪੂਰੀ ਸਾਜ਼ਿਸ਼ ਨੂੰ ਅੰਜਾਮ ਦਿੱਤਾ। ਉਨ੍ਹਾਂ ਕਿਹਾ ਕਿ ਇਨਸਾਫ਼ ਦੀ ਕੋਈ ਉਮੀਦ ਨਹੀਂ ਹੈ ਅਤੇ ਨਾ ਹੀ ਸੁੱਤੀ ਪਈ ਸਰਕਾਰ ਨੂੰ ਹੋਰ ਜਗਾ ਸਕਦੇ ਹਨ।