ਲੁਧਿਆਣਾ : ਪੰਜਾਬ ਦੇ ਉਦਯੋਗ ਤੇ ਵਪਾਰ ਮੰਤਰੀ ਸ਼ਾਮ ਸੁੰਦਰ ਅਰੋੜਾ ਖੰਨਾ ਦੇ ਫੋਕਲ ਪੁਆਇੰਟ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਗੁਰਕੀਰਤ ਕੌਟਲੀ ,ਲਖਵੀਰ ਸਿੰਘ ਲੱਖਾ ਅਤੇ ਕਈ ਸਿਆਸੀ ਆਗੂ ਮੌਜੂਦ ਰਹੇ।
ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਮੰਤਰੀ ਵਪਾਰ ਮੰਤਰੀ ਸ਼ਾਮ ਸੁੰਦਰ ਅਰੋੜਾ ਨੇ ਦੱਸਿਆ ਕਿ ਖੰਨਾ ਦੇ ਫੋਕਲ ਪੁਆਇੰਟ ਇਲਾਕੇ 'ਚ 10 ਕਰੋੜ 65 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਰੋਡ, ਸਟਰੀਟ ਲਾਈਟਾਂ ਅਤੇ ਸੋਲਰ ਸਿਸਟਮ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਖੰਨਾ ਦੇ ਫੋਕਲ ਪੁਆਇੰਟ ਇਲਾਕੇ ਦੀ ਨੁਹਾਰ ਬਦਲ ਜਾਵੇਗੀ। ਕੈਬਿਨੇਟ ਮੰਤਰੀ ਨੇ ਕਿਹਾ ਕਿ ਅਸੀਂ ਪੂਰੇ ਸੂਬੇ 'ਚ ਵਿਕਾਸ ਕਰਾਂਗੇ। ਕੋਰੋਨਾ ਮਹਾਂਮਾਰੀ ਦੇ ਹਲਾਤਾਂ ਬਾਰੇ ਬੋਲਦੇ ਸ਼ਾਮ ਸੁੰਦਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕਰਨ ਲਈ ਮਿਸ਼ਨ ਫ਼ਤਿਹ ਚਲਾਇਆ ਜਾ ਰਿਹਾ ਹੈ। ਇਸ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਕੇ ਕੋਰੋਨਾ ਸੰਕਟ ਤੋਂ ਬਚਾਇਆ ਜਾ ਸਕਦਾ ਹੈ। ਲੇਬਰ ਸਬੰਧੀ ਕਿਸਾਨਾਂ ਨੂੰ ਪੇਸ਼ ਆ ਰਹੀ ਸੱਮਸਿਆ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਆਖਿਆ ਕਿ ਇਸ ਸਬੰਧੀ ਰੇਲਵੇ ਮੰਤਰੀ ਨਾਲ ਗੱਲਬਾਤ ਹੋ ਚੁੱਕੀ ਹੈ। ਸੂਬਾ ਸਰਕਾਰ ਜਲਦ ਹੀ ਵਿਸ਼ੇਸ਼ ਰੇਲਗੱਡੀਆਂ ਰਾਹੀਂ ਯੂਪੀ ਤੇ ਬਿਹਾਰ ਦੇ ਪ੍ਰਵਾਸੀ ਮਜ਼ਦੂਰਾਂ ਨੂੰ ਪੰਜਾਬ ਵਾਪਸ ਲਿਆਵੇਗੀ।
ਬਿਜਲੀ ਦਰਾਂ 'ਚ ਵਾਧੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੰਘਰਸ਼ ਬਾਰੇ ਜਵਾਬ ਦਿੰਦੇ ਹੋਏ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਅਤੇ ਇੰਡਸਟਰੀ ਨੂੰ ਬਿਜਲੀ ਉੱਪਰ ਸਬਸਿਡੀ ਦਿੱਤੀ ਜਾਂਦੀ ਹੈ। ਆਗਮੀ ਸਮੇਂ 'ਚ ਪੰਜਾਬ ਸਰਕਾਰ ਕੋਰੋਨਾ ਮਹਾਂਮਾਰੀ ਨਾਲ ਪ੍ਰਭਾਵਤ ਹੋਏ ਉਦਯੋਗਾਂ ਦੀ ਹਰ ਸੰਭਵ ਮਦਦ ਕਰੇਗੀ।