ਲੁਧਿਆਣਾ: ਇੱਕ ਪਾਸੇ ਜਿੱਥੇ ਲਗਾਤਾਰ ਭਾਜਪਾ ਦੇ ਕੁਝ ਆਗੂ ਅਕਾਲੀ ਦਲ 'ਚ ਸ਼ਾਮਲ ਹੋ ਰਹੇ ਹਨ, ਉੱਥੇ ਹੀ ਅਕਾਲੀ ਦਲ ਦੇ ਆਗੂ ਵੀ ਭਾਜਪਾ 'ਚ ਸ਼ਾਮਲ ਹੋ ਰਹੇ ਹਨ। ਇਨ੍ਹਾਂ ਆਗੂਆਂ ਨੂੰ ਸ਼ਾਮਲ ਕਰਵਾਉਣ ਲਈ ਅੱਜ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਲੁਧਿਆਣਾ ਪਹੁੰਚੇ ਜਿੱਥੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਦਾਅਵਾ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨਾਂ ਨੂੰ ਗੁਮਰਾਹ ਕਰ ਰਹੇ ਹਨ। ਜਦੋਂ ਕਿ ਭਾਜਪਾ ਕਿਸਾਨਾਂ ਦਾ ਫਾਇਦਾ ਚਾਹੁੰਦੀ ਹੈ ਅਤੇ ਹਰ ਫਰੰਟ 'ਤੇ ਉਨ੍ਹਾਂ ਦੇ ਨਾਲ ਹੈ।
ਉਨ੍ਹਾਂ ਕਿਹਾ ਕਿ ਇਹ ਬਿੱਲ ਕਿਸਾਨਾਂ ਦੇ ਫਾਇਦੇ ਲਈ ਹੈ ਇਸ ਨਾਲ ਕਿਸਾਨਾਂ ਨੂੰ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਬਿੱਲ ਦੇ ਵਿੱਚ ਕਿਤੇ ਵੀ ਐੱਮਐੱਸਪੀ ਨੂੰ ਖ਼ਤਮ ਨਹੀਂ ਕੀਤਾ ਗਿਆ ਸਗੋਂ ਇਸ ਨਾਲ ਹੁਣ ਕਿਸਾਨਾਂ ਨੂੰ ਆਪਣੀ ਫ਼ਸਲ ਹੋਰ ਮਹਿੰਗੀ ਵੇਚਣ ਦੇ ਮੌਕੇ ਮਿਲਣਗੇ।
ਉਧਰ ਜਦੋਂ ਉਨ੍ਹਾਂ ਨੂੰ ਕਿਸਾਨਾਂ ਤੱਕ ਭਾਜਪਾ ਦੀ ਗੱਲ ਨਾ ਪਹੁੰਚਣ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਅਸੀਂ ਲਗਾਤਾਰ ਕਿਸਾਨਾਂ ਨਾਲ ਰਾਬਤਾ ਕਾਇਮ ਕਰ ਰਹੇ ਹਾਂ। ਇਸ ਸਬੰਧੀ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ ਜੋ ਕਿਸਾਨ ਜਥੇਬੰਦੀਆਂ ਨਾਲ ਬੈਠਕਾਂ ਕਰਕੇ ਉਨ੍ਹਾਂ ਨੂੰ ਬਿੱਲ ਦੇ ਫਾਇਦੇ ਦੱਸ ਰਹੀ ਹੈ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਸੁਖਬੀਰ ਬਾਦਲ ਨਾਲ ਭਾਜਪਾ ਦਾ ਲਗਾਤਾਰ ਰਾਬਤਾ ਸੀ, ਉਨ੍ਹਾਂ ਨੂੰ ਬਿੱਲ ਬਾਰੇ ਸਾਰੀ ਜਾਣਕਾਰੀ ਦਿੱਤੀ ਗਈ ਸੀ ਅਤੇ ਉਨ੍ਹਾਂ ਦੀ ਰਾਏ ਵੀ ਲਈ ਗਈ ਸੀ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਇਕੱਲਿਆਂ ਹੀ ਚੋਣਾਂ ਲੜੇਗੀ।