ਲੁਧਿਆਣਾ: ਪੰਜਾਬ ਦੇ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਉਨ੍ਹਾਂ ਨੂੰ ਇਲਾਜ ਲਈ ਡੀਐਮਸੀ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਇਸੇ ਦੌਰਾਨ ਇੱਕ ਅਜੀਬ ਖ਼ਬਰ ਸਾਹਮਣੇ ਆਈ ਹੈ ਕਿ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਅਤੇ ਲੁਧਿਆਣਾ ਨਗਰ ਨਿਗਮ ਦੀ ਕੌਂਸਲਰ ਮਮਤਾ ਆਸ਼ੂ ਨੇ ਨਿਗਮ ਦੀ ਮੀਟਿੰਗ ਵਿੱਚ ਸ਼ਿਰਕਤ ਕੀਤੀ ਹੈ। ਇਸ ਦੌਰਾਨ ਮਮਤਾ ਆਸ਼ੂ ਨੇ ਨਾ ਤਾਂ ਮਾਸਕ ਪਾਇਆ ਸੀ ਅਤੇ ਸਮਾਜਿਕ ਦੂਰੀ ਦਾ ਵੀ ਧਿਆਨ ਨਹੀਂ ਰੱਖਿਆ ਗਿਆ।
ਨਗਰ ਨਿਗਮ ਦੀ ਮੀਟਿੰਗ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਮਮਤਾ ਆਸ਼ੂ ਨੂੰ ਸਾਫ ਹੀ ਬਿਨ੍ਹਾਂ ਮਾਸਕ ਤੋਂ ਵੇਖਿਆ ਜਾ ਸਕਦਾ ਹੈ। ਇਸੇ ਦੌਰਾਨ ਮਮਤਾ ਆਸ਼ੂ ਆਪਣੇ ਸਾਥੀ ਕੌਂਸਲਰਾਂ ਨਾਲ ਬਹਿਸ ਕਰਦੇ ਹੋਏ ਵੀ ਵਿਖਾਈ ਦੇ ਰਹੇ ਹਨ। ਇਸ ਸਾਰੇ ਵਰਤਾਰੇ ਦੌਰਾਨ ਕਿਸੇ ਵੱਲੋਂ ਵੀ ਸਮਾਜਿਕ ਦੂਰੀ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ।
ਇਸ ਵੀਡੀਓ ਦੇ ਸਾਹਮਣੇ ਆਉਣ ਨਾਲ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ। ਇੱਕ ਜ਼ਿੰਮੇਵਾਰ ਨਾਗਿਰਕ ਹੋਣ ਦੇ ਨਾਤੇ ਮਮਤਾ ਆਸ਼ੂ ਵੱਲੋਂ ਬਿਨ੍ਹਾ ਮਾਸਕ ਤੋਂ ਮੀਟਿੰਗ ਵਿੱਚ ਸ਼ਾਮਲ ਹੋਣਾ, ਉਨ੍ਹਾਂ 'ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਰਿਹਾ ਹੈ। ਜਦੋਂ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਇੱਕ ਮੰਤਰੀ ਦੀ ਪਤਨੀ ਹੀ ਸਰਕਾਰੀ ਹਦਾਇਤਾਂ ਦੀ ਪਾਲਣਾ ਨਹੀਂ ਕਰ ਰਹੀ ਤਾਂ ਆਮ ਨਾਗਰਿਕ ਕਿਸ ਤਰ੍ਹਾਂ ਕਰਨਗੇ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਵੀ ਹਰਕਤ ਵਿੱਚ ਆਉਣਾ ਚਾਹੀਦਾ ਹੈ ਅਤੇ ਉੱਥੇ ਮੌਜੂਦ ਸਾਰੇ ਲੋਕਾਂ ਦੇ ਕੋਰੋਨਾ ਟੈਸਟ ਕਰਵਾਉਣੇ ਚਾਹੀਦੇ ਹਨ।