ਲੁਧਿਆਣਾ: ਜਗਰਾਉਂ ਦੀ ਨਿਊ ਗ੍ਰੇਨ ਮਾਰਕੀਟ ਵਿਖੇ ਸੰਜੁਕਤ ਕਿਸਾਨ ਸੰਘਰਸ਼ ਮੋਰਚਾ ਦੇ ਸੱਦੇ 'ਤੇ 32 ਕਿਸਾਨ ਜੱਥੇਬੰਦੀਆਂ ਵੱਲੋਂ ਇੱਕਠ ਕਰਕੇ ਹਰਿਆਣਾ ਦੀ ਤਰਜ਼ 'ਤੇ ਮਹਾ ਪੰਚਾਇਤ ਕੀਤੀ ਗਈ। ਇਸ ਦੌਰਾਨ ਕਿਸਾਨਾਂ ਵੱਲੋਂ ਕਿਸਾਨ ਵਿਰੋਧੀ ਖੇਤੀਂ ਕਾਨੂੰਨਾਂ ਖਿਲਾਫ ਰੋਸ਼ ਰੈਲੀ ਵੀ ਕੱਢੀ ਗਈ। ਇਸ ਮੌਕੇ 32 ਕਿਸਾਨ ਜੱਥੇਬੰਦੀਆਂ ਵੱਲੋਂ ਇੱਕਠ ਕਰਕੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਜਗਰਾਉਂ ਕਿਸਾਨਾਂ ਦੀ ਮਹਾ ਪੰਚਾਇਤ ਰੈਲੀ ਨੂੰ ਭਰਵਾ ਹੁੰਗਾਰਾ ਮਿਲਿਆ।
ਇਸ ਰੋਸ ਰੈਲੀ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਤੇ ਸੰਘਰਸ਼ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ। ਇਸ ਰੈਲੀ ਦੌਰਾਨ ਮੀਡੀਆ ਨੂੰ ਵੀ ਦੂਰ ਰੱਖਿਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ, ਨੌਜਵਾਨ, ਬਜ਼ੁਰਗ, ਬੱਚੇ ਤੇ ਵਕੀਲ ਵੀ ਪੁੱਜੇ।
ਕਿਸਾਨ ਆਗੂਆਂ ਵੱਲੋਂ ਖੇਤੀ ਕਾਨੂੰਨ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਉਨ੍ਹਾਂ ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੀ ਕਮਿਆਂ ਦੱਸਦੇ ਹੋਏ ਇਸ ਨੂੰ ਮੰਨਣ ਤੋਂ ਇਨਕਾਰ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੋਂ ਕਿਸਾਨ ਅੰਦੋਲਨ ਸ਼ੁਰੂ ਹੋਇਆ ਹੈ, ਉਦੋਂ ਤੋਂ ਹੀ ਕੇਂਦਰ ਦੀ ਮੋਦੀ ਸਰਕਾਰ ਇਸ ਨੂੰ ਬੰਦ ਕਰਵਾਉਣ ਦੀ ਕੋਸ਼ਿਸ਼ਾਂ ਕਰ ਰਹੀ ਹੈ। ਆਗੂਆਂ ਨੇ ਇਹ ਵੀ ਕਿਹਾ ਕਿ ਹਰਿਆਣਾ ਦੀ ਤਰਜ਼ 'ਤੇ ਇਹ ਮਹਾ ਪੰਚਾਇਤ ਤੇ ਰੋਸ ਰੈਲੀ ਕੀਤੀ ਗਈ ਹੈ। ਕਿਸਾਨ ਆਗੂਆਂ ਨੇ ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨੀ ਸੰਘਰਸ਼ ਜਾਰੀ ਰੱਖਣ ਦੀ ਗੱਲ ਆਖੀ।