ਲੁਧਿਆਣਾ : ਭਾਰਤ-ਚੀਨ ਵਿਚਾਲੇ ਹਿੰਸਕ ਝੜਪ ਤੋਂ ਬਾਅਦ ਦੇਸ਼ ਭਰ ਦੇ ਲੋਕਾਂ 'ਚ ਚੀਨ ਵਿਰੁੱਧ ਭਾਰੀ ਰੋਸ ਹੈ। ਲੁਧਿਆਣਾ ਦੇ ਕਾਂਗਰਸੀ ਆਗੂਆਂ ਨੇ ਚੀਨ ਖਿਲਾਫ ਕਾਰਵਾਈ ਨਾ ਕੀਤੇ ਜਾਣ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ ਹੈ।
ਕਾਂਗਰਸੀ ਆਗੂਆਂ ਨੇ ਹਿੰਸਕ ਝੜਪ ਦੌਰਾਨ ਭਾਰਤੀ ਫੌਜ ਦੇ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਮੋਮਬਤੀਆਂ ਜਗਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਸ਼ਹੀਦ ਹੋਏ ਜਵਾਨਾਂ ਨੂੰ ਦੇਸ਼ ਭਰ 'ਚ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਕੇਂਦਰ ਸਰਕਾਰ ਤੋਂ ਚੀਨ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਆਖਿਆ ਕਿ ਜੇਕਰ ਮੋਦੀ ਸਰਕਾਰ ਨੂੰ ਪਤਾ ਹੈ ਕਿ ਚੀਨ ਹਮੇਸ਼ਾ ਹੀ ਗ਼ਲਤ ਨੀਤੀਆਂ ਨਾਲ ਭਾਰਤੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ 'ਚ ਰਹਿੰਦਾ ਹੈ। ਇਹ ਜਾਣਦੇ ਹੋਏ ਵੀ ਸਰਕਾਰ ਨੇ ਸਾਡੇ ਫੌਜੀਆਂ ਨੂੰ ਚੀਨ ਦੇ ਵਿਰੁੱਧ ਹਥਿਆਰ ਚਲਾਉਣ ਦੀ ਇਜਾਜ਼ਤ ਕਿਉਂ ਨਹੀਂ ਦਿੱਤੀ।
ਉਨ੍ਹਾਂ ਕੇਂਦਰ ਸਰਕਾਰ ਤੋਂ ਚੀਨ ਵੱਲੋਂ ਨਿਰਮਤ ਸਮਾਨ ਦਾ ਬਾਇਕਾਟ ਕਰਨ, ਇਸ ਦੀ ਵਿਕਰੀ 'ਤੇ ਪੂਰੀ ਤਰ੍ਹਾਂ ਰੋਕ ਲਗਾਉਣ ਦੀ ਮੰਗ ਕੀਤੀ। ਕਾਂਗਰਸੀ ਆਗੂਆਂ ਨੇ ਆਖਿਆ ਕਿ ਉਹ ਚਾਈਨੀਜ਼ ਸਮਾਨ ਦਾ ਪੂਰੀ ਤਰ੍ਹਾਂ ਬਾਇਕਾਟ ਕਰਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੇਸ਼ 'ਚ ਪੈਟਰੋਲ਼ ਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਦਾ ਵੀ ਵਿਰੋਧ ਕੀਤਾ ਹੈ।