ਲੁਧਿਆਣਾ: ਪੰਜਾਬ ਸਰਕਾਰ ਨੇ ਕੋਰੋਨਾ ਕਾਰਨ ਲੱਗੇ ਕਰਫਿਊ ਦੌਰਾਨ ਪੰਜਾਬ ਵਿੱਚ ਸ਼ਰਾਬ ਦੀ ਸਪਲਾਈ ਦੀ ਹੋਮ ਡਿਲੀਵਰੀ ਕਰਨ ਦਾ ਫੈਸਲਾ ਲਿਆ ਹੈ। ਇਸ ਫੈਸਲੇ ਨੂੰ ਲੈ ਕੇ ਕਾਂਗਰਸ ਸਰਕਾਰ ਨੂੰ ਉਸ ਦੇ ਆਪਣਿਆਂ ਵੱਲੋਂ ਹੀ ਮੱਤਾਂ ਦਿੱਤੀਆਂ ਜਾ ਰਹੀਆਂ ਹਨ। ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸੂ ਦੀ ਧਰਮਪਤਨੀ ਮਮਤਾ ਆਸ਼ੂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਸ਼ਰਾਬ ਦੀ ਹੋਮ ਡਿਲੀਵਰੀ ਦੇ ਫੈਸਲੇ ਨੂੰ ਵਾਪਸ ਲਵੇ।
ਮਮਤਾ ਆਸ਼ੂ ਨੇ ਮੁੱਖ ਮੰਤਰੀ ਪੰਜਾਬ ਨੂੰ ਟਵੀਟ ਕਰਕੇ ਅਪੀਲ ਕੀਤੀ ਹੈ ਕਿ ਸ਼ਰਾਬ ਦੀ ਹੋਮ ਡਿਲੀਵਰੀ ਦਾ ਫੈਸਲਾ ਵਾਪਸ ਲਿਆ ਜਾਵੇ। ਕੈਬਨਿਟ ਮੰਤਰੀ ਆਸ਼ੂ ਦੀ ਪਤਨੀ ਮਮਤਾ ਨੇ ਕਿਹਾ ਕਿ ਅਸੀਂ ਪੰਜਾਬ ਦੇ ਵਿੱਚ ਸਰਕਾਰ ਨਸ਼ਿਆਂ ਨੂੰ ਖ਼ਤਮ ਕਰਨ ਲਈ ਬਣਾਈ ਸੀ ਅਤੇ ਹੁਣ ਅਸੀਂ ਖ਼ੁਦ ਹੀ ਸ਼ਰਾਬ ਦੀ ਹੋਮ ਡਲਿਵਰੀ ਦੀ ਹਿਮਾਇਤ ਕਰ ਰਹੇ ਹਾਂ ਜੋ ਕਿ ਠੀਕ ਨਹੀਂ ਹੈ।
ਉਨ੍ਹਾਂ ਕਿਹਾ ਕਿ ਇਸ ਨਾਲ ਘਰੇਲੂ ਹਿੰਸਾ ਦੇ ਮਾਮਲੇ ਵੱਧ ਸਕਦੇ ਨੇ, ਉਨ੍ਹਾਂ ਕਿਹਾ ਕਿ ਬੱਚਿਆਂ ਦੀਆਂ ਵੀ ਛੁੱਟੀਆਂ ਨੇ ਅਤੇ ਸਾਡੇ ਸਮਾਜਿਕ ਦਾਇਰੇ ਦੇ ਮੁਤਾਬਕ ਸ਼ਰਾਬ ਦੀ ਹੋਮ ਡਲਿਵਰੀ ਸਹੀ ਕਦਮ ਨਹੀਂ ਹੈ। ਇਸ ਤੋਂ ਪਹਿਲਾ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮਪਤਨੀ ਅਮ੍ਰਿਤਾ ਵੜਿੰਗ ਨੇ ਵੀ ਸਰਕਾਰ ਦੇ ਇਸ ਫੈਸਲੇ 'ਤੇ ਸਵਾਲ ਖੜ੍ਹੇ ਕੀਤੇ ਸੀ। ਉਨ੍ਹਾਂ ਵੀ ਸਰਕਾਰ ਤੋਂ ਇਸ ਫੈਸਲੇ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਸੀ। ਹੁਣ ਦੇਖਣਾ ਇਹ ਹੋਵੇਗਾ ਕਿ ਸਰਕਾਰ ਆਪਣੀਆਂ ਮਹਿਲਾ ਆਗੂਆਂ ਦੀਆਂ ਗੱਲਾਂ ਵੱਲ ਧਿਆਨ ਦਿੰਦੀ ਹੈ ਜਾਂ ਨਹੀਂ।