ਲੁਧਿਆਣਾ: ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ, ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਸ਼ਿਵ ਸੈਨਾ ਆਗੂ ਗੋਰਾ ਥਾਪਰ ਸਣੇ ਕੁਝ ਹੋਰ ਨੂੰ ਵਿਦੇਸ਼ ਤੋਂ ਧਮਕੀ ਭਰਿਆ ਫੋਨ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਐਮਪੀ ਬਿੱਟੂ ਦੇ ਪੀਏ ਨੇ ਧਮਕੀ ਦੀ ਪੁਸ਼ਟੀ ਕੀਤੀ। ਨਾਲ ਹੀ ਦੱਸਿਆ ਕਿ ਵਾਟਸਐਪ ਕਾਲ ’ਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਗਰੁੱਪ ਕਾਲ ’ਤੇ ਧਮਕੀ: ਮਿਲੀ ਜਾਣਕਾਰੀ ਮੁਤਾਬਿਕ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਮਾਮਲੇ ਸਬੰਧੀ ਸ਼ਿਵ ਸੈਨਾ ਦੇ ਆਗੂ ਨੇ ਕਿਹਾ ਕਿ ਉਨ੍ਹਾਂ ਨੂੰ ਗਰੁੱਪ ਕਾਲ ਆ ਰਹੀਆਂ ਹਨ। ਜਿਸ ਚ ਉਨ੍ਹਾਂ ਨੂੰ ਧਮਕੀ ਮਿਲ ਰਹੀ ਹੈ। ਇਸ ਤਰ੍ਹਾਂ ਦੀਆਂ ਕਾਲ ਕਈ ਨੂੰ ਮਿਲ ਰਹੀਆਂ ਹਨ। ਇਨ੍ਹਾਂ ਆਗੂਆਂ ਨੂੰ ਸਿੱਧੂ ਮੂਸੇਵਾਲਾ ਦੇ ਵਾਂਗ ਮਾਰਨ ਦੀ ਧਮਕੀ ਮਿਲੀ ਹੈ।
ਸਲਮਾਨ ਖਾਨ ਨੂੰ ਮਿਲੀ ਸੀ ਧਮਕੀ: ਕਾਬਿਲੇਗੌਰ ਹੈ ਕਿ ਐਤਵਾਰ ਨੂੰ ਬਾਂਦਰਾ ਦੇ ਬੈਂਡਸਟੈਂਡ ਪ੍ਰੋਮੇਨੇਡ 'ਤੇ ਸਲਮਾਨ ਖਾਨ ਦੇ ਪਿਤਾ ਸਲੀਮ ਅਤੇ ਸਲਮਾਨ ਖਾਨ ਨੂੰ ਧਮਕੀ ਭਰਿਆ ਪੱਤਰ ਮਿਲਿਆ ਸੀ। ਮੁੰਬਈ ਦੀ ਬਾਂਦਰਾ ਪੁਲਿਸ ਨੇ ਮਾਮਲੇ ਸਬੰਧੀ ਐਫਆਈਆਰ ਦਰਜ ਕਰ ਲਈ ਹੈ। ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਚਿੱਠੀ 'ਚ ਸਲਮਾਨ ਖਾਨ ਦਾ ਹਾਲ ਸਿੱਧੂ ਮੂਸੇਵਾਲਾ ਵਰਗਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ।
ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ: ਦੱਸ ਦੇਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ, ਜੋ ਹਮਲੇ 'ਚ ਜ਼ਖਮੀ ਹੋ ਗਏ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜੋ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ: 'ਕਾਤਲਾਂ ਦੀ ਪੈਰਵੀ ਨਹੀਂ ਕਰੇਗਾ ਕੋਈ ਵਕੀਲ'