ਰੂਪਨਗਰ/ਲੁਧਿਆਣਾ/ਮਾਨਸਾ/ਬਠਿੰਡਾ/ਹੁਸ਼ਿਆਰਪੁਰ/ ਜਲੰਧਰ/ ਫ਼ਤਿਹਗੜ੍ਹ ਸਾਹਿਬ : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸੂਬੇ ਭਰ ਵਿੱਚ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਲੜੀ ਵਿੱਚ ਐਸਜੀਪੀਸੀ ਦੇ ਮੈਂਬਰਾਂ ਵੱਲੋਂ ਅੱਜ ਸੂਬੇ ਭਰ ਵਿੱਚ ਡੀਸੀ ਦਫ਼ਤਰ ਦੇ ਬਾਹਰ ਸ਼ਾਂਤਮਈ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ।
ਲੁਧਿਆਣਾ ਵਿੱਚ ਪ੍ਰਦਰਸ਼ਨਕਾਰੀਆਂ ਵੱਲੋਂ ਕਾਲੇ ਚੋਲੇ ਪਾਕੇ ਕਾਲੇ ਝੰਡੇ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ, ਉੱਥੇ ਹੀ ਤਿੱਖੇ ਸੰਘਰਸ਼ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਇਸ ਮੌਕੇ ਬੋਲਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਐਸਜੀਪੀਸੀ ਦੇ ਸੱਦੇ 'ਤੇ ਸਮੂਹ ਸਿੱਖ ਸੰਗਤ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮਨੁੱਖੀ (for the release of bandi Singh) ਅਧਿਕਾਰਾਂ ਦੇ ਹੱਕ ਲਈ ਰੋਸ ਪ੍ਰਦਰਸ਼ਨ ਹੈ। ਉਨ੍ਹਾਂ ਨੇ ਕਿਹਾ ਕਿ ਬਿਲਕੀਸ ਬਾਨੋ ਦੇ ਕਾਤਲਾਂ ਤੇ ਬਲਾਤਕਾਰੀਆਂ ਨੂੰ ਜੇਕਰ ਰਿਹਾਅ ਕੀਤਾ ਜਾ ਸਕਦਾ ਹੈ, ਤਾਂ ਬੰਦੀ ਸਿੰਘਾਂ ਨੂੰ ਕਿਉਂ ਨਹੀਂ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰਾਂ ਨੇ ਨਾ ਸੁਣੀ, ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਮੰਗ ਨਾ ਮੰਨੀ ਗਈ ਤਾਂ, ਸਰਕਾਰਾਂ ਨੂੰ ਵੀ ਮੁਸ਼ਕਿਲਾਂ ਆਉਣਗੀਆਂ।
ਦੂਜੇ ਪਾਸੇ ਰੂਪਨਗਰ ਵਿੱਚ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਰੂਪਨਗਰ ਦੇ ਰਣਜੀਤ ਸਿੰਘ ਬਾਗ ਵਿੱਚ ਸ਼੍ਰੋਮਣੀ ਗੁਰਦੁਆਰਾ ਕਮੇਟੀ ਐੱਸਜੀਪੀਸੀ ਵੱਲੋਂ ਅੱਜ ਕਾਲੇ ਕੱਪੜੇ ਪਾ ਕੇ ਅਤੇ ਆਪਣੇ ਆਪ ਨੂੰ ਜੰਜ਼ੀਰਾਂ ਵਿੱਚ ਬੰਨ੍ਹ ਕੇ ਇਹ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨਾ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਦੇ ਵਿੱਚ ਲੋਕਾਂ ਵੱਲੋਂ ਸ਼ਮੂਲੀਅਤ ਕੀਤੀ ਗਈ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ ਜਿਸ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਬਾਬਤ ਮੰਗ ਕੀਤੀ ਗਈ ਹੈ।
ਮਾਨਸਾ ਵਿੱਚ SGPC ਮੈਂਬਰਾਂ ਦਾ ਰੋਸ ਪ੍ਰਦਰਸ਼ਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਦੇ ਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਮਾਨਸਾ ਦੇ ਵਿਚ ਸਮੂਹ ਸਿੱਖ ਧਾਰਮਿਕ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦਿਆਂ ਹੋਇਆਂ ਮੰਗ ਕੀਤੀ ਗਈ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਐੱਸਜੀਪੀਸੀ ਦੇ ਮੈਂਬਰ ਬਾਬਾ ਬੂਟਾ ਸਿੰਘ ਦੀ ਅਗਵਾਈ ਵਿਚ ਕੀਤੇ ਜਾ ਰਹੇ ਰੋਸ ਮਾਰਚ ਦੌਰਾਨ ਬਾਬਾ ਬੂਟਾ ਸਿੰਘ ਨੇ ਕਿਹਾ ਕਿ ਸਿੱਖ ਨੌਜਵਾਨ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਪਰ ਅੱਜ ਵੀ ਜੇਲ੍ਹਾਂ ਦੇ ਵਿੱਚ ਸੜ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਵਾਰ ਵਾਰ ਇਨ੍ਹਾਂ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਅਪੀਲ ਕੀਤੀ ਜਾ ਰਹੀ ਹੈ, ਪਰ ਦੂਜੇ ਪਾਸੇ ਇਨ੍ਹਾਂ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਜਿਸ ਦੇ ਸਬੰਧ ਵਿੱਚ ਅੱਜ ਮਾਨਸਾ ਚੋਂ ਕਾਲੇ ਚੋਲੇ ਪਾ ਕੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ।
ਬਠਿੰਡਾ ਵਿੱਚ ਰੋਸ: ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੰਘਾਂ ਵੱਲੋ ਕਾਲੇ ਚੋਲੇ ਪਾ ਕੇ, ਕਾਲੀਆ ਪੱਗਾ ਬੰਨ੍ਹ ਕੇ ਅਤੇ ਲੋਹੇ ਦੀਆਂ ਜੰਜ਼ੀਰਾਂ ਪਾ ਕੇ ਡਿਪਟੀ ਕਮਿਸ਼ਨਰ ਬਠਿੰਡਾ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ। ਬੀਬੀਆ ਵੱਲੋਂ ਵੀ ਕਾਲੀਆਂ ਚੁੱਨੀਆਂ ਲੈ ਕੇ ਪ੍ਰਦਰਸ਼ਨ ਕੀਤਾ ਗਿਆ।
ਐੱਸਜੀਪੀਸੀ ਮੈਂਬਰ ਨੇ ਸੁਮੇਰ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਪੂਰੇ ਪੰਜਾਬ ਭਰ ਦੇ ਵਿੱਚ ਐਸਜੀਪੀਸੀ ਮੈਂਬਰਾਂ ਦੇ ਤਰਫੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਧਰਨਾ ਦਿੱਤਾ ਜਾ ਰਿਹਾ ਹੈ, ਤਾਂ ਕਿ ਜਿਹੜੇ ਬੰਦੀ ਸਿੰਘ ਆਪਣੀ ਸਜ਼ਾ ਕੱਟ ਚੁੱਕੇ ਹਨ, ਉਹ ਆਪਣੇ ਘਰ ਵਾਪਸ ਆ ਸਕਣ।
ਹੁਸ਼ਿਆਰਪੁਰ ਵਿੱਚ ਪ੍ਰਦਰਸ਼ਨ : ਹੁਸ਼ਿਆਰਪੁਰ ਦੇ ਮਿਨੀ ਸੈਕਟਰੀਏਟ ਵਿਖੇ ਅੱਜ ਹੁਸ਼ਿਆਰਪੁਰ ਦੀ ਸਮੂਹ ਅਕਾਲੀ ਦਲ ਵਰਕਰਾਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਬੰਦੀ ਸਿੰਘਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਹੁਸ਼ਿਆਰਪੁਰ ਦੇ ਸਮੂਹ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਅਤੇ ਵਰਕਰਾਂ ਨੇ ਇਸ ਰੋਸ ਪ੍ਰਦਰਸ਼ਨ ਦੇ ਵਿਚ ਹਿੱਸਾ ਲਿਆ। ਇਸ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਸਮੂਹ ਪੰਜਾਬ ਦੇ ਸਿੱਖਾਂ ਨਾਲ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਦੀ ਸਾਰੀ ਪਹਿਲ ਦੇ ਆਧਾਰ 'ਤੇ ਉਹ ਬੰਦੀ ਸਿੰਘਾਂ ਨੂੰ ਛੁਡਾਉਣ ਦਾ ਕੰਮ ਕਰਨਗੇ।
ਉਨ੍ਹਾਂ ਕਿਹਾ ਕਿ ਸਰਕਾਰ ਬਣੀ ਨੂੰ ਛੇ ਮਹੀਨੇ ਤੋਂ ਵੱਧ ਦਾ ਸਮਾਂ ਵੀ ਚੁੱਕਾ ਹੈ, ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਨੇ ਹੱਲੇ ਤੱਕ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਵੀ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਪੰਜਾਬ ਦੇ ਅਜਿਹੇ ਬੰਦੀ ਸਿੰਘ ਹਨ, ਜਿਨ੍ਹਾਂ ਦੀਆਂ ਉਮਰਾਂ ਹੀ ਜੇਲ੍ਹ ਵਿੱਚ ਬੀਤ ਚੁੱਕੀਆਂ ਹਨ। ਉਨ੍ਹਾਂ ਦੀ ਸਜ਼ਾ ਪੂਰੀ ਹੋਈ ਨੂੰ ਵੀ ਬਹੁਤ ਸਾਲ ਬੀਤ ਚੁੱਕੇ ਹਨ, ਪਰ ਕੇਂਦਰ ਸਰਕਾਰ ਵੱਲੋਂ ਹਾਲੇ ਤੱਕ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਗਿਆ।
ਜਲੰਧਰ ਵਿੱਚ ਰੋਸ ਪ੍ਰਦਰਸ਼ਨ: ਜਲੰਧਰ ਵਿਖੇ ਅੱਜ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਵਿਖੇ ਸਮੂਹ ਸੰਗਤਾਂ ਇਕੱਤਰ ਹੋ ਕੇ ਅਰਦਾਸ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ 'ਤੇ ਉਨ੍ਹਾਂ ਵੱਲੋਂ ਕਾਲੇ ਕਪੜੇ ਪਾ ਕੇ ਅਤੇ ਗੱਲ ਵਿੱਚ ਬੇੜੀਆਂ ਪਾ ਕੇ ਆਪਣਾ ਰੋਸ ਜਾਹਿਰ ਕੀਤਾ ਗਿਆ। ਜਲੰਧਰ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ।
ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਰੋਸ ਪ੍ਰਦਰਸ਼ਨ: ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਭਰ ਵਿੱਚ ਜਿਲ੍ਹਾ ਪਧਰ 'ਤੇ ਕਾਲੀਆਂ ਪੱਗਾਂ ਅਤੇ ਕਾਲੇ ਚੋਲੇ ਪਾ ਕੇ ਰੋਸ ਪ੍ਰਦਰਸ਼ਨ ਦਾ ਪ੍ਰੋਗਰਾਮ ਉਲੀਕਿਆ ਗਿਆ। ਇਸੇ ਲੜੀ ਵਿੱਚ ਜਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਖੇ ਐਸਜੀਪੀਸੀ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਅੰਤਰਿੰਗ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਇਕ ਰੋਸ ਮਾਰਚ ਕਢਿਆ ਗਿਆ ਅਤੇ ਇਸ ਉਪਰੰਤ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੂੰ ਇਕ ਮੰਗ ਪੱਤਰ ਦੀ ਦਿੱਤਾ। ਇਸ ਮੌਕੇ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਕਿਹਾ ਕਿ ਜਿੰਨਾ ਸਿੰਘਾਂ ਨੇ ਆਪਣੀ ਸਜ਼ਾ ਪੂਰੀ ਕਰ ਲਈ, ਜਿਨ੍ਹਾਂ ਨੂੰ ਜੇਲ੍ਹਾਂ ਵਿੱਚ ਕਰੀਬ 30 ਸਾਲ ਪੂਰੇ ਹੋ ਚੁੱਕੇ ਹਨ, ਉਨ੍ਹਾਂ ਦੀ ਰਿਹਾਈ ਲਈ ਇਹ ਪ੍ਰੋਗਰਾਮ ਐਸਜੀਪੀਸੀ ਵਲੋਂ ਉਲੀਕੀਆਂ ਗਿਆ ਸੀ।
ਇਹ ਵੀ ਪੜੋ: ਚੰਡੀਗੜ੍ਹ ਮਹਿਲਾ ਪੁਲਿਸ ਕਾਂਸਟੇਬਲ ਨਾਲ ਕੁੱਟਮਾਰ, ਦੇਖੋ ਵੀਡੀਓ