ਲੁਧਿਆਣਾ: ਲੌਕਡਾਊਨ ਤੋਂ ਬਾਅਦ ਅੱਜ ਨੌਵੇਂ ਦਿਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ ਹੈ। ਤੇਲ ਦੀਆਂ ਕੀਮਤਾਂ ਵਧਣ ਕਰਕੇ ਆਮ ਲੋਕਾਂ ਦੇ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇੱਕ ਪਾਸੇ ਜਿੱਥੇ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਘੱਟ ਰਹੀਆਂ ਹਨ, ਉਥੇ ਹੀ ਦੇਸ਼ 'ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ। 7 ਜੂਨ ਤੋਂ ਬਾਅਦ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਹੋਏ ਵਾਧੇ ਕਾਰਨ ਇਸ ਦਾ ਬੋਝ ਆਮ ਲੋਕਾਂ ਦੀਆਂ ਜੇਬਾਂ 'ਤੇ ਪੈ ਰਿਹਾ ਹੈ। 7 ਜੂਨ ਤੋਂ ਹੁਣ ਤੱਕ ਪੈਟਰੋਲ ਦੀ ਕੀਮਤ 'ਚ 4.98 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 'ਚ 5.25 ਰੁਪਏ ਪ੍ਰਤੀ ਲੀਟਰ ਇਜ਼ਾਫਾ ਹੋ ਚੁੱਕਾ ਹੈ। ਦੇਸ਼ 'ਚ ਪੈਟਰੋਲ ਅਤੇ ਡੀਜ਼ਲ 'ਤੇ ਟੈਕਸ ਵਧਾ ਕੇ 69 ਫੀਸਦੀ ਕਰ ਦਿੱਤਾ ਗਿਆ ਹੈ, ਜੋ ਕਿ ਹੋਰਨਾ ਦੇਸ਼ਾਂ ਨਾਲੋਂ ਸਭ ਤੋਂ ਵੱਧ ਹੈ।
ਕੇਂਦਰੀ ਸਰਕਾਰ ਵੱਲੋਂ ਲਗਾਤਾਰ ਤੇਲ ਦੀਆਂ ਕੀਮਤਾਂ ਵਧਾਉਣ ਨੂੰ ਲੈ ਕੇ ਆਮ ਲੋਕਾਂ ਨੇ ਨਰਾਜ਼ਗੀ ਪ੍ਰਗਟਾਈ ਹੈ। ਲੋਕਾਂ ਦਾ ਕਹਿਣਾ ਹੈ ਕਿ ਉਹ ਕਰਫਿਊ ਤੇ ਲੌਕਡਾਊਨ ਕਾਰਨ ਮੰਦੀ ਦੀ ਮਾਰ ਝੱਲ ਰਹੇ ਹਨ। ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਵਧਾਏ ਜਾਣ ਮਗਰੋਂ ਇਸ ਦਾ ਸਿੱਧਾ ਅਸਰ ਉਨ੍ਹਾਂ ਦੀਆਂ ਜੇਬਾਂ 'ਤੇ ਪੈ ਰਿਹਾ ਹੈ। ਲੋਕਾਂ ਨੇ ਕਿਹਾ ਕਿ ਅਜਿਹੇ ਸਮੇਂ 'ਚ ਮਹਿੰਗਾਈ ਵੱਧਣ ਕਾਰਨ ਲੋਕਾਂ ਲਈ ਗੁਜ਼ਾਰਾ ਕਰਨਾ ਬੇਹਦ ਔਖਾ ਹੋ ਜਾਵੇਗਾ।