ਲੁਧਿਆਣਾ: ਰਾਸ਼ਟਰਪਤੀ ਚੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਚ ਬਗਾਵਤੀ ਸੁਰ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਅਤੇ ਸੀਨੀਅਰ ਲੀਡਰ ਮਨਪ੍ਰੀਤ ਇਆਲੀ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇੱਕ ਵੀਡੀਓ ਸਾਂਝੀ ਕੀਤੀ ਗਈ ਹੈ ਜਿਸ ਵਿਚ ਅਕਾਲੀ ਦਲ ਵੱਲੋਂ ਭਾਜਪਾ ਦੀ ਰਾਸ਼ਟਰਪਤੀ ਉਮੀਦਵਾਰ ਨੂੰ ਸਮਰਥਨ ਦੇਣ ਦਾ ਵਿਰੋਧ ਕੀਤਾ ਗਿਆ ਹੈ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਭਾਜਪਾ ਦੀ ਉਮੀਦਵਾਰ ਨੂੰ ਸਮਰਥਨ ਦੇਣ ਤੋਂ ਪਹਿਲਾਂ ਪਾਰਟੀ ਦੇ ਲੀਡਰਾਂ ਨਾਲ ਹੀ ਇਹ ਸਲਾਹ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਉਨ੍ਹਾਂ ਵੱਲੋਂ ਚੋਣਾਂ ਦਾ ਬਾਈਕਾਟ ਕੀਤਾ ਜਾ ਰਿਹਾ ਹੈ। ਇਸ ਦੌਰਾਨ ਮਨਪ੍ਰੀਤ ਇਆਲੀ ਨੇ ਆਪਣੀ ਭੜਾਸ ਕੱਢੀ ਅਤੇ ਕਿਹਾ ਕਿ ਮੇਰੀ ਆਤਮਾ ਹੀ ਭਾਜਪਾ ਦਾ ਸਮਰਥਨ ਦੇਣ ਦੀ ਇਜਾਜ਼ਤ ਨਹੀਂ ਦਿੰਦੀ। ਉਨ੍ਹਾਂ ਕਿਹਾ ਹਾਲਾਂਕਿ ਭਾਜਪਾ ਦੀ ਉਮੀਦਵਾਰ ਤੋਂ ਮੈਨੂੰ ਕੋਈ ਦਿੱਕਤ ਨਹੀਂ ਹੈ।
ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਇਆਲੀ ਨੇ ਕਿਹਾ ਕਿ ਭਾਜਪਾ ਦੇ ਨਾਲ ਸਾਡਾ ਕਾਫੀ ਸਮੇਂ ਗੱਠਜੋੜ ਵੀ ਰਿਹਾ ਪਰ ਜੋ ਸਾਨੂੰ ਭਾਜਪਾ ਤੋਂ ਉਮੀਦ ਸੀ ਉਹ ਪੂਰੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਮੁੱਦੇ ਹਨ ਜਿੰਨਾ ’ਤੇ ਕੇਂਦਰ ਨੇ ਕਦੀ ਸਟੈਂਡ ਸਪਸ਼ਟ ਨਹੀਂ ਕੀਤਾ ਭਾਵੇਂ ਉਹ ਚੰਡੀਗੜ੍ਹ ਦਾ ਮੁੱਦਾ ਹੋਵੇ, ਪਾਣੀਆਂ ਦਾ ਜਾਂ ਫਿਰ ਯੂਨੀਵਰਸਿਟੀ ਦਾ। ਇਆਲੀ ਨੇ ਕਿਹਾ ਕਿ ਪੰਜਾਬ ਦੇ ਮਸਲਿਆਂ ਵੱਲ ਧਿਆਨ ਨਹੀਂ ਦਿੱਤਾ ਗਿਆ।
ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਣਾ ਚਾਹੀਦਾ ਸੀ, ਇਹੀ ਕਾਰਨ ਹੈ ਕਿ ਅਕਾਲੀ ਦਲ 3 ਸੀਟਾਂ ’ਤੇ ਸੀਮਟ ਗਿਆ, ਜੇਕਰ ਪਾਰਟੀ ਨੂੰ ਮਜ਼ਬੂਤ ਕਰਨਾ ਹੈ, ਤਾਂ ਸਾਨੂੰ ਲੋਕਾਂ ਦੇ ਹਿੱਤਾਂ ਦਾ ਧਿਆਨ ਰੱਖਣਾ ਹੋਵੇਗਾ ਨਾਲ ਹੀ ਪਾਰਟੀ ਲੀਡਰਸ਼ਿਪ ਵਿੱਚ ਵੀ ਬਦਲਾਅ ਕਰਨਾ ਪਵੇਗਾ।
ਇਹ ਵੀ ਪੜੋ: ਸਾਬਕਾ ਮੰਤਰੀ ਆਸ਼ੂ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ, ਸਰਕਾਰ ਨੂੰ ਨੋਟਿਸ ਜਾਰੀ