ਲੁਧਿਆਣਾ: ਖੰਨਾ ਵਿਖੇ ਇੱਕ ਅਧਿਆਪਿਕਾ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਅਧਿਆਪਿਕਾ ਪਿਛਲੇ ਲੰਬੇ ਸਮੇਂ ਤੋਂ ਪਰੇਸ਼ਾਨ ਸੀ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੌਕੇ 'ਤੇ ਪੁੱਜੇ ਪੁਲਿਸ ਅਧਿਕਾਰੀ ਕੀਮਤੀ ਲਾਲ ਨੇ ਦੱਸਿਆ ਕਿ ਮ੍ਰਿਤਕਾ ਦੀ ਪਛਾਣ ਅੰਜਲੀ ਵਜੋਂ ਹੋਈ ਹੈ ਅਤੇ ਇਹ ਅਧਿਆਪਿਕਾ ਖੰਨਾ ਦੇ ਇੱਕ ਨਿੱਜੀ ਸਕੂਲ 'ਚ ਪੜ੍ਹਾਉਂਦੀ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਮੁਤਾਬਕ ਅੰਜਲੀ ਪਿਛਲੇ ਲੰਬੇ ਸਮੇਂ ਤੋਂ ਮਾਨਸਿਕ ਤੌਰ 'ਤੇ ਪਰੇਸ਼ਾਨ ਸੀ। ਪਟਿਆਲਾ ਦੇ ਇੱਕ ਨਿੱਜੀ ਹਸਪਤਾਲ 'ਚ ਅੰਜਲੀ ਦਾ ਇਲਾਜ ਚੱਲ ਰਿਹਾ ਸੀ। ਇਸ ਤੋਂ ਇਲਾਵਾ ਅੰਜਲੀ ਦੀ ਪਰੇਸ਼ਾਨੀ ਦਾ ਕਾਰਨ ਇਹ ਵੀ ਸੀ ਕਿ ਉਸ ਦੀ ਬੇਟੀ ਵਿਦੇਸ਼ 'ਚ ਰਹਿੰਦੀ ਹੈ, ਜਿਸ ਨੂੰ ਕੋਈ ਦਿੱਕਤ ਆ ਰਹੀ ਸੀ। ਜਿਸ ਦੇ ਚਲਦੇ ਅੰਜਲੀ ਨੇ ਸਵੇਰ ਦੇ ਸਮੇਂ ਪਤੀ ਦੇ ਲਾਈਸੈਂਸੀ ਰਿਵਾਲਰ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਪੁਲਿਸ ਟੀਮ ਨੇ ਮੌਕੇ 'ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ਵਿੱਚ ਲਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਧਾਰਾ 174 ਦੇ ਤਹਿਤ ਇਸ ਮਾਮਲੇ ਦੀ ਹੋਰ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।