ਲੁਧਿਆਣਾ: ਘੱਲੂਘਾਰਾ ਦਿਵਸ ਨੂੰ ਸਮਰਪਿਤ ਲੁਧਿਆਣਾ ਪੁਲਿਸ ਵਲੋਂ ਪੂਰੀ ਤਰ੍ਹਾਂ ਚੌਕਸੀ ਵਰਤੀ ਜਾ ਰਹੀ ਹੈ। ਕਈ ਥਾਵਾਂ 'ਤੇ ਪੁਲਿਸ ਵਲੋਂ ਨਾਕਾਬੰਦੀ ਵੀ ਕੀਤੀ ਗਈ ਹੈ। ਬਾਵਜੂਦ ਇਸ ਦੇ ਬਦਮਾਸ਼ਾਂ ਦੇ ਹੌਂਸਲੇ ਪੂਰੀ ਤਰ੍ਹਾਂ ਬੁਲੰਦ ਹਨ। ਲੁਧਿਆਣਾ 'ਚ ਨਿੱਤ ਦਿਨ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਜਿਸ ਨਾਲ ਲੋਕਾਂ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਤਾਜ਼ਾ ਘਟਨਾ ਘੋੜਾ ਕਲੋਨੀ ਤੋਂ ਸਾਹਮਣੇ ਆਈ ਹੈ, ਜਿਥੇ ਬਦਮਾਸ਼ਾਂ ਵਲੋਂ ਗੋਲੀਆਂ ਚਲਾਇੀਆਂ ਗਈਆਂ ਹਨ। ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਜਵਾਹਰ ਨਗਰ ਕੈਂਪ 'ਚ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਸੀ।
ਇਸਦੇ ਸਬੰਧ ਵਿੱਚ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਕਰੀਬਨ ਰਾਤ ਸਾਢੇ 12 ਵਜੇ ਦੇ ਕਰੀਬ ਗੋਲੀਆਂ ਚੱਲਣ ਦੀ ਸੂਚਨਾ ਮਿਲੀ ਹੈ। ਜਿਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਕੈਮਰੇ ਚੈਕ ਕੀਤੇ ਜਾ ਰਹੇ ਹਨ । ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਵੱਲੋਂ ਹਵਾਈ ਫਾਇਰ ਕੀਤੇ ਗਏ ਹਨ ਅਤੇ ਜਿਸ ਸੀਸੀਟੀਵੀ ਕੈਮਰੇ ਨੂੰ ਚੈੱਕ ਕੀਤਾ ਗਿਆ, ਉਸ ਵਿੱਚ ਤਸਵੀਰਾਂ ਬੇਸ਼ਕ ਸਾਫ਼ ਨਹੀਂ ਆਈਆਂ ਪਰ ਹੋਰ ਸੀਸੀਟੀਵੀ ਕੈਮਰੇ ਚੈਕ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।