ਲੁਧਿਆਣਾ: ਲੋਕ ਇਨਸਾਫ਼ ਪਾਰਟੀ ਵੱਲੋਂ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਤਹਿਤ ਸਥਾਨਕ ਸਰਕਟ ਹਾਊਸ ਤੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ 2 ਗੱਡੀਆਂ ਨੂੰ ਰਵਾਨਾ ਕੀਤਾ ਹੈ, ਜਿਸ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਦਵਾਈਆਂ ਅਤੇ ਡਾਕਟਰ ਨੂੰ ਭੇਜਿਆ ਗਿਆ ਹੈ।
ਇਸ ਮੌਕੇ ਸਿਮਰਜੀਤ ਬੈਂਸ ਨੇ ਅਪੀਲ ਕੀਤੀ ਹੈ ਕਿ ਹੁਣ ਹੜ੍ਹ ਪੀੜਤਾਂ ਨੂੰ ਮਾਲੀ ਮਦਦ ਦੀ ਸਖ਼ਤ ਲੋੜ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਮਰਜੀਤ ਬੈਂਸ ਨੇ ਕਿਹਾ ਕਿ ਲੋਕ ਇਨਸਾਫ ਪਾਰਟੀ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਹਰ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਸਭ ਤੋਂ ਆਖਿਰ 'ਚ ਪੰਜਾਬ ਨੂੰ ਹੜ੍ਹ ਪ੍ਰਭਾਵਿਤ ਸੂਬਾ ਐਲਾਨੇ ਜਾਣ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨਾਲ ਕੇਂਦਰ ਸਰਕਾਰ ਹਮੇਸ਼ਾ ਹੀ ਮਤਰੇਈ ਮਾਂ ਵਾਲਾ ਸਲੂਕ ਕਰਦੀ ਆ ਰਹੀ ਹੈ।
ਲੋਕ ਇਨਸਾਫ਼ ਪਾਰਟੀ ਵੱਲੋਂ ਜਿੱਥੇ ਖ਼ੁਦ ਆਪਣੇ ਵਿਧਾਇਕਾਂ ਦੀ ਇੱਕ ਮਹੀਨੇ ਦੀ ਤਨਖਾਹ ਅਤੇ ਕੌਸਲਰਾਂ ਦੀ ਤਨਖ਼ਾਹ ਹੜ੍ਹ ਪੀੜਤਾਂ ਦੀ ਮਦਦ ਲਈ ਦਿੱਤੀ ਜਾ ਰਹੀ ਹੈ, ਉੱਥੇ ਹੀ ਸਮੂਹ ਪੰਜਾਬੀਆਂ ਨੂੰ ਵੀ ਹੜ੍ਹ ਪੀੜਤਾਂ ਦੀ ਵੱਧ ਤੋਂ ਵੱਧ ਮਦਦ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।