ਲੁਧਿਆਣਾ: ਪਾਕਿਸਤਾਨ 'ਚ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਹੋਏ ਹਮਲੇ ਦਾ ਰੋਸ ਅਜੇ ਖ਼ਤਮ ਨਹੀਂ ਹੋਇਆ ਸੀ ਕਿ ਪਾਕਿਸਤਾਨ 'ਚ ਇੱਕ ਸਿੱਖ ਪੱਤਰਕਾਰ ਦੇ ਭਰਾ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨੂੰ ਲੈ ਕੇ ਸਿੱਖ ਭਾਈਚਾਰੇ ਦੇ ਲੋਕਾਂ 'ਚ ਭਾਰੀ ਰੋਸ ਹੈ।
ਇਸ ਮਾਮਲੇ ਨੂੰ ਲੈ ਕੇ ਯੂਥ ਅਕਾਲੀ ਦਲ ਵੱਲੋਂ ਸ਼ਹਿਰ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਪਾਕਿਸਤਾਨ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਗਈ।
ਹੋਰ ਪੜ੍ਹੋ :ਲੁਧਿਆਣਾ 'ਚ ਲਗਾਤਾਰ ਪੈ ਰਿਹਾ ਮੀਂਹ, ਠੰਡ ਨਾਲ ਕੰਬੇ ਲੋਕ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਅਜੇ ਸ੍ਰੀ ਨਨਕਾਣਾ ਸਾਹਿਬ 'ਤੇ ਹੋਈ ਪੱਥਰਬਾਜ਼ੀ ਦਾ ਸਿੱਖ ਕੌਮ 'ਚ ਰੋਸ ਖ਼ਤਮ ਨਹੀਂ ਹੋਇਆ ਸੀ,ਕਿ ਸਿੱਖ ਪੱਤਰਕਾਰ ਦੇ ਭਰਾ ਦਾ ਕਤਲ ਪਾਕਿਸਤਾਨ ਦੇ ਵਿੱਚ ਕਰ ਦਿੱਤਾ ਗਿਆ। ਉਨ੍ਹਾਂ ਨੇ ਇਸ ਨੂੰ ਮੰਦਭਾਗੀ ਘਟਨਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਹਮੇਸ਼ਾ ਭਾਰਤ ਦਾ ਮਾਹੌਲ ਖ਼ਰਾਬ ਕਰਨ ਦੀ ਫਿਰਾਕ 'ਚ ਰਹਿੰਦਾ ਹੈ। ਪਾਕਿਸਤਾਨ ਸਰਕਾਰ ਸਿੱਖਾਂ ਤੇ ਮੁਸਲਮਾਨਾਂ 'ਚ ਆਪਸੀ ਝਗੜੇ ਕਰਵਾਉਣ ਦੀ ਸਾਜਿਸ਼ ਰੱਚ ਰਹੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਦੀ ਇਨ੍ਹਾਂ ਕੋਸ਼ਿਸ਼ਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।