ਪਟਿਆਲਾ: ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਐਲਾਨ ਤੋਂ ਬਾਅਦ ਇੱਕ ਫ਼ਰਵਰੀ ਤੋਂ ਪੰਜਾਬ ਭਰ 'ਚ ਪ੍ਰੀ-ਪ੍ਰਾਇਮਰੀ ਸਕੂਲ ਖੁੱਲ੍ਹ ਚੁੱਕੇ ਹਨ। ਪਿਛਲੇ ਦਿਨੀ ਸਰਕਾਰ ਵੱਲੋਂ ਪ੍ਰਾਇਮਰੀ ਸਕੂਲ ਖੋਲ੍ਹੇ ਗਏ ਸਨ। ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਦੇ ਚਲਦੇ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਕੂਲ ਤੇ ਕਾਲਜ ਬੰਦ ਕਰ ਦਿੱਤੇ ਗਏ ਸਨ।
ਇਸ ਮੌਕੇ ਸਰਕਾਰੀ ਸਕੂਲਾਂ 'ਚ ਤੀਜੀ ਅਤੇ ਚੌਥੀ ਜਮਾਤਾਂ ਦੇ ਪ੍ਰੀ- ਪ੍ਰਾਇਮਰੀ ਵਿਦਿਆਰਥੀਆਂ ਲਈ ਵੀ ਕੋਰੋਨਾ ਪਾਬੰਦੀਆਂ ਦੀ ਪਾਲਣਾ ਕਰਦਿਆਂ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ। ਵਿਦਿਆਰਥੀਆਂ ਦੀ ਆਮਦ ਨਾਲ ਸਕੂਲਾਂ 'ਚ ਮੁੜ ਰੌਣਕਾਂ ਵੱਧ ਗਈਆਂ ਹਨ। ਇਸ ਮੌਕੇ ਵਿਦਿਆਰਾਥੀਆਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਮੁੜ ਸਕੂਲ ਆ ਕੇ ਉਨ੍ਹਾਂ ਨੂੰ ਚੰਗਾ ਲੱਗ ਰਿਹਾ ਹੈ। ਅਧਿਆਪਕਾਂ ਵੱਲੋਂ ਉਨ੍ਹਾਂ ਦਾ ਖ਼ਾਸ ਖਿਆਲ ਰੱਖਿਆ ਜਾ ਰਿਹਾ ਹੈ।
ਇਸ ਮੌਕੇ ਪਟਿਆਲਾ ਦੇ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਤੋਤਾ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਸਕੂਲ ਖੁੱਲ੍ਹਣ ਮਗਰੋਂ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਹਦਾਇਤਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਬੱਚਿਆਂ ਨੂੰ ਮਾਸਕ ਤੇ ਸੈਨੇਟਾਈਜ਼ਰ ਆਦਿ ਵੀ ਮੁਹੱਈਆ ਕਰਵਾਏ ਜਾ ਰਹੇ ਹਨ। ਇਸਤੋਂ ਇਲਾਵਾ ਬੱਚਿਆਂ ਨੂੰ ਸਕੂਲ ਭੇਜਣ ਸਬੰਧੀ ਉਨ੍ਹਾਂ ਦੇ ਮਾਪਿਆਂ ਤੋਂ ਲਿਖਤੀ ਆਗਿਆ ਲਈ ਜਾ ਰਹੀ ਹੈ। ਸਕੂਲ ਆਏ ਬੱਚਿਆਂ ਨੇ ਕਿਹਾ ਕਿ ਸਕੂਲ ਆ ਕੇ ਬੇਹੱਦ ਖੁਸ਼ ਹਨ।